ਕੇਂਦਰ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤਾ ਲੋਕ ਸਭਾ ਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਸੰਵਿਧਾਨਕ ਸੋਧ ਬਿੱਲ ਲੋਕ ਸਭਾ ਵਿਚ ਪੇਸ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 December, 2024, 12:57 PM

ਕੇਂਦਰ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤਾ ਲੋਕ ਸਭਾ ਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਸੰਵਿਧਾਨਕ ਸੋਧ ਬਿੱਲ ਲੋਕ ਸਭਾ ਵਿਚ ਪੇਸ਼
ਨਵੀਂ ਦਿੱਲੀ, 16 ਦਸੰਬਰ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕੇਂਦਰ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਸੰਵਿਧਾਨਕ ਸੋਧ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਹੈ । ਬਿੱਲ ਨੂੰ ਵਿਆਪਕ ਵਿਚਾਰ ਚਰਚਾ ਲਈ ਦੋਵਾਂ ਸਦਨਾਂ ਦੀ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਜਾਵੇਗਾ । ਮੇਘਵਾਲ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਬਿੱਲ ਵਿਆਪਕ ਵਿਚਾਰ ਚਰਚਾ ਲਈ ਸੰਸਦ ਦੀ ਸਾਂਝੀ ਕਮੇਟੀ ਨੂੰ ਸੌਂਪਣ ਦੀ ਗੁਜ਼ਾਰਿਸ਼ ਵੀ ਕੀਤੀ । ਮੰਤਰੀ ਵੱਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ 2024 ਵੀ ਪੇਸ਼ ਕੀਤਾ ਗਿਆ, ਜਿਸ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ, ਪੁੱਡੂਚੇਰੀ ਤੇ ਦਿੱਲੀ ਦੇ ਕੌਮੀ ਰਾਜਧਾਨੀ ਖੇਤਰ ਦੀ ਮਿਆਦ ਨੂੰ ਹੋਰਨਾਂ ਸੂਬਾਈ ਅਸੈਂਬਲੀਆਂ ਦੇ ਬਰਾਬਰ ਲਿਆਉਣ ਦੀ ਵਿਵਸਥਾ ਹੈ । ਸਾਂਝੀ ਕਮੇਟੀ ਵੱਖ ਵੱਖ ਪਾਰਟੀਆਂ ਦੇ ਐੱਮਪੀਜ਼ ਦੀ ਸਮਰੱਥਾ ਮੁਤਾਬਕ ਪ੍ਰੋ-ਰਾਟਾ ਅਧਾਰ ਉੱਤੇ ਬਣਾਈ ਜਾਵੇਗੀ । ਸਭ ਤੋਂ ਵੱਡੀ ਪਾਰਟੀ ਹੋਣ ਕਰਕੇ ਭਾਜਪਾ ਨੂੰ ਕਮੇਟੀ ਦੀ ਚੇਅਰਮੈਨੀ ਦੇ ਨਾਲ ਕਈ ਮੈਂਬਰ ਵੀ ਮਿਲਣਗੇ । ਸ਼ੁਰੂਆਤ ਵਿਚ ਤਜਵੀਜ਼ਤ ਕਮੇਟੀ ਦੀ ਮਿਆਦ 90 ਦਿਨਾਂ ਲਈ ਹੋਵੇਗੀ ਪਰ ਇਸ ਨੂੰ ਬਾਅਦ ਵਿਚ ਵਧਾਇਆ ਜਾ ਸਕਦਾ ਹੈ । ਲੋਕ ਸਭਾ ਵਿਚ ਅੱਜ ਬਿੱਲ ਪੇਸ਼ ਕਰਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ । ਕੇਂਦਰੀ ਕੈਬਨਿਟ ਨੇ ਪਿਛਲੇ ਹਫ਼ਤੇ ਲੋਕ ਸਭਾ ਤੇ ਸੂਬਾਈ ਅਸੈਂਬਲੀਆਂ ਦੀ ਚੋਣ ਇਕੋ ਵੇਲੇ ਕਰਵਾਉਣ ਸਬੰਧੀ ਬਿੱਲਾਂ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਸੀ । ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਸਰਕਾਰ ਨੂੰ ‘ਇਕ ਦੇਸ਼ ਇਕ ਚੋਣ’ ਤਜਵੀਜ਼ ਬਾਰੇ ਸਿਫਾਰਸ਼ਾਂ ਕਰਨ ਮੌਕੇ ਦਾਅਵਾ ਕੀਤਾ ਸੀ ਕਿ ਸਲਾਹ ਮਸ਼ਵਰੇ ਦੌਰਾਨ 32 ਪਾਰਟੀਆਂ ਨੇ ਇਸ ਵਿਚਾਰ ਦੀ ਹਮਾਇਤ ਤੇ 15 ਨੇ ਵਿਰੋਧ ਕੀਤਾ ਸੀ। ਦੇਸ਼ ਵਿਚ ਇਕੋ ਵੇਲੇ ਲੋਕ ਸਭਾ ਤੇ ਅਸੈਂਬਲੀ ਚੋਣਾਂ 1951 ਤੇ 1967 ਦਰਮਿਆਨ ਹੋਈਆਂ ਸਨ ।