ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ
ਨਵੀਂ ਦਿੱਲੀ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 2023-24 ਲਈ ਗੰਨੇ ਦਾ ਰੇਟ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ‘ਕੈਬਨਿਟ ਨੇ ਸਾਲ 2023-24 ਲਈ ਗੰਨੇ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਉਚਿਤ ਅਤੇ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਫੈਸਲੇ ਨਾਲ 5 ਕਰੋੜ ਗੰਨਾ ਕਾਸ਼ਤਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ-ਨਾਲ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ 5 ਲੱਖ ਕਾਮਿਆਂ ਨੂੰ ਲਾਭ ਹੋਵੇਗਾ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁਇੰਟਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਰਾਗ ਠਾਕੁਰ ਨੇ ਦੱਸਿਆ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਹਮੇਸ਼ਾ ‘ਅੰਨਦਾਤਾ’ ਦੇ ਨਾਲ ਹਨ। ਸਰਕਾਰ ਹਮੇਸ਼ਾ ਹੀ ਖੇਤੀ ਅਤੇ ਕਿਸਾਨਾਂ ਨੂੰ ਪਹਿਲ ਦਿੰਦੀ ਰਹੀ ਹੈ।