ਹਰਿਆਣਾ ਵਿੱਚ ਇਸ ਮਹੀਨੇ ਤੱਕ ਤਿੰਨੋਂ ਨਵੇਂ ਅਪਰਾਧਿਕ ਕਾਨੂੰਨ ਹੋ ਜਾਣਗੇ ਲਾਗੂ : ਡੀ. ਜੀ. ਪੀ. ਸ਼ਤਰੂਜੀਤ ਕਪੂਰ

ਦੁਆਰਾ: Punjab Bani ਪ੍ਰਕਾਸ਼ਿਤ :Monday, 16 December, 2024, 01:06 PM

ਹਰਿਆਣਾ ਵਿੱਚ ਇਸ ਮਹੀਨੇ ਤੱਕ ਤਿੰਨੋਂ ਨਵੇਂ ਅਪਰਾਧਿਕ ਕਾਨੂੰਨ ਹੋ ਜਾਣਗੇ ਲਾਗੂ : ਡੀ. ਜੀ. ਪੀ. ਸ਼ਤਰੂਜੀਤ ਕਪੂਰ
ਚੰਡੀਗੜ੍ਹ :ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਸਰਕਾਰ ਤਿੰਨ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਤੇ ਫਰਵਰੀ 2025 ਤੱਕ ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਪੂਰੀ ਤਰ੍ਹਾਂ ਨਾਲ ਲਾਗੂ ਹੋ ਜਾਣਗੇ । ਦਿੱਲੀ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਮਿਤ ਸ਼ਾਹ ਵਿਚਾਲੇ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਮਾਰਚ 2025 ਤੱਕ ਦਾ ਸਮਾਂ ਦਿੱਤਾ ਗਿਆ ਸੀ । ਹਾਲਾਂਕਿ, ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ਼ਤਰੂਜੀਤ ਕਪੂਰ ਨੇ ਫਰਵਰੀ 2025 ਤੱਕ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਹੈ । ਇਸ ਟੀਚੇ ਦੀ ਪ੍ਰਾਪਤੀ ਲਈ ਡੀ. ਜੀ. ਪੀ. ਨੇ ਐਤਵਾਰ ਨੂੰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਅਪਰਾਧ ਕੰਟਰੋਲ, ਨਸ਼ਾ ਛੁਡਾਊ ਅਤੇ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਰਾਜ ਦੇ ਪੁਲਸ ਅਧਿਕਾਰੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਡੀ. ਜੀ. ਪੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਡੀ. ਐਸ. ਪੀ. ਅਤੇ ਐਸ. ਐਚ. ਓ. ਪਿੰਡਾਂ ਦਾ ਦੌਰਾ ਕਰਕੇ ਚੌਪਾਲ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਨ, ਇਸ ਨਾਲ ਨਾ ਸਿਰਫ ਸਥਾਨਕ ਸਮੱਸਿਆਵਾਂ ਦੀ ਪਛਾਣ ਹੋਵੇਗੀ ਸਗੋਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਵੀ ਮਦਦ ਮਿਲੇਗੀ ।