ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ : ਸੁਖਚੈਨ ਸਿੰਘ ਪਾਪੜਾ

ਦੁਆਰਾ: Punjab Bani ਪ੍ਰਕਾਸ਼ਿਤ :Friday, 20 December, 2024, 06:09 PM

ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ : ਸੁਖਚੈਨ ਸਿੰਘ ਪਾਪੜਾ
ਚੋਣਾਂ ਦੌਰਾਨ 114817 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਪੋਲਿੰਗ ਸਟੇਸ਼ਨਾਂ ‘ਤੇ ਹੀ ਹੋਵੇਗੀ ਵੋਟਾਂ ਦੀ ਗਿਣਤੀ
ਸੰਗਰੂਰ, 20 ਦਸੰਬਰ: ਜਿ਼ਲ੍ਹਾ ਚੋਣ ਅਫ਼ਸਰ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜਿ਼ਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 21 ਦਸੰਬਰ ਨੂੰ ਜਿ਼ਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ ‘ਤੇ ਸਾਰੇ ਪ੍ਰਬੰਧ ਮੁਕੰਮਲ ਹੋਣ ਮਗਰੋਂ ਅੱਜ ਸਮੂਹ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ ਹੋ ਗਈਆਂ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 107 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ 1001 ਕਰਮਚਾਰੀ (ਸਮੇਤ ਰਿਜ਼ਰਵ ਸਟਾਫ਼) ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇਹਨਾਂ ਚੋਣਾਂ ਦੌਰਾਨ 114817 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ । ਉਨ੍ਹਾਂ ਇਹ ਵੀ ਦੱਸਿਆ ਕਿ 12 ਵਾਰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਚੋਣ ਹੋ ਚੁੱਕੀ ਹੈ ਜਿਸ ਵਿੱਚ ਨਗਰ ਕੌਂਸਲ ਧੂਰੀ, ਨਗਰ ਪੰਚਾਇਤ ਦਿੜ੍ਹਬਾ ਅਤੇ ਨਗਰ ਪੰਚਾਇਤ ਖਨੌਰੀ ਦਾ 1-1 ਵਾਰਡ ਅਤੇ ਚੀਮਾ ਨਗਰ ਪੰਚਾਇਤ ਦੇ ਕੁਲ 9 ਵਾਰਡ ਸ਼ਾਮਿਲ ਹਨ ।
ਵਧੀਕ ਜਿ਼ਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 3 ਐਸ. ਪੀਜ਼ ਤੇ 7 ਡੀ. ਐਸ. ਪੀਜ਼ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ‘ਤੇ ਅਧਾਰਿਤ ਟੀਮਾਂ ਵੱਲੋਂ ਪੂਰੀ ਮੁਸਤੈਦੀ ਨਾਲ ਅਮਨ—ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਇਸ ਉਪਰੰਤ ਸਬੰਧਤ ਪੋਲਿੰਗ ਸਟੇਸ਼ਨਾਂ ਉਪਰ ਹੀ ਇਨ੍ਹਾਂ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ।