ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਪਟਿਆਲਾ : ਡਾਇਰੈਕਟੋਰੇਟ ਆਫ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਆਰੰਭ ਗੁਰਦੁਆਰਾ ਸਾਹਿਬ ਵਿਖੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਕਰਕੇ ਕੀਤਾ ਗਿਆ । ਇਸ ਉਪਰੰਤ ਕੀਰਤਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਪੋਹ ਦਾ ਮਹੀਨਾ ਸਮੁੱਚੇ ਸਿੱਖ ਪੰਥ ਲਈ ਬਹੁਤ ਹੀ ਮਹੱਤਤਾ ਵਾਲਾ ਹੈ । ਇਸ ਮਹੀਨੇ ਹੋਈਆਂ ਸ਼ਹਾਦਤਾਂ ਸਮੁੱਚੇ ਵਿਸ਼ਵ ਲਈ ਪ੍ਰੇਰਨਾ ਦਾ ਸ੍ਰੋਤ ਹਨ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਡੇ ਸਾਰਿਆਂ ਲਈ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਸ਼ਹਾਦਤ ਦੇ ਦਿਨ ਅਸੀਂ ਸ਼ਹਾਦਤ ਦੇ ਸਮੇਂ ਉਨ੍ਹਾਂ ਦੀ ਯਾਦ ਵਿੱਚ ਇਲਾਹੀ ਬਾਣੀ ਦਾ ਪਾਠ ਕਰੀਏ ਅਤੇ ਆਪਣੇ ਬੱਚਿਆਂ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਹਨਾਂ ਸ਼ਹਾਦਤਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਈਏ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੇ ਨਾਲ ਨਾਲ ਕਾਲਜ ਗੇਟ ਸਾਹਮਣੇ ਲੰਘਦੇ ਰਾਹਗੀਰਾਂ ਲਈ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ । ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤਨੋਂ ਮਨੋਂ ਪੂਰੀ ਸ਼ਰਧਾ ਨਾਲ ਲੰਗਰ ਦੀ ਸੇਵਾ ਵੀ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਭਰਵੀਂ ਗਿਣਤੀ ਵਿੱਚ ਹਾਜ਼ਰ ਸਨ ।
