ਜਗਜੀਤ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Friday, 27 December, 2024, 12:43 PM

ਜਗਜੀਤ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ
ਸੰਗਰੂਰ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ `ਤੇ ਕਿਸਾਨ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ ਤੇ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫੀ ਜਿ਼ਆਦਾ ਨਾਜ਼ੁਕ ਬਣੀ ਹੋਈ ਹੈ । ਇਸ ਤੋਂ ਬਾਅਦ ਵੀ ਉਨ੍ਹਾਂ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ `ਤੇ ਬਣੇ ਰਹਿਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਸਮੁੱਚੇ ਜਿ਼ਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗਾਂ ਹੋਣਗੀਆਂ, ਜਿਸ ਵਿੱਚ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ । ਕਿਸਾਨ ਆਗੂ ਅਭਿਮਨਿਊ ਕੋਹਾੜ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਸਥਿਤੀ ਬਾਰੇ ਦੱਸਦਿਆਂ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਦੱਸਿਆ ਹੈ, ਜੋ ਕਿ ਬਹੁਤ ਘੱਟ ਹੈ ਤੇ ਕੱਲ੍ਹ ਸ਼ਾਮ ਤੋਂ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ ਕਿਉਂਕਿ ਉਨ੍ਹਾਂ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆਉਂਦੀਆਂ ਹਨ, ਉਸ ਦੀ ਨਬਜ਼ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਬਹੁਤ ਕਮਜ਼ੋਰ ਹੈ। ਅਜਿਹੇ `ਚ ਡਾਕਟਰ ਆਪਣੀ ਸਿਹਤ ਨੂੰ ਲੈ ਕੇ ਜਿ਼ਆਦਾ ਚਿੰਤਤ ਹਨ ।