ਸੁਪਰੀਮ ਕੋਰਟ ਨੇ ਕੀਤਾ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 27 December, 2024, 01:23 PM

ਸੁਪਰੀਮ ਕੋਰਟ ਨੇ ਕੀਤਾ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਸੁਪਰੀਮ ਕੋਰਟ ਨੇ ਦਿੱਤੇ ਪੰਜਾਬ ਸਰਕਾਰ ਨੂੰ ਸ਼ਨੀਵਾਰ ਤਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼
ਨਵੀਂ ਦਿੱਲੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਦਿਤੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਸ਼ਨੀਵਾਰ ਤਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿਤੇ ਹਨ । ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਸਰਕਾਰ ਨੂੰ ਉਸ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਣੇ ਚਾਹੀਦੇ ਹਨ । ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਦੀ ਸਥਿਤੀ ਹੈ ਤਾਂ ਤੁਹਾਨੂੰ ਇਸ ਨਾਲ ਸਖ਼ਤੀ ਨਾਲ ਨਜਿੱਠਣਾ ਹੋਵੇਗਾ । ਕਿਸੇ ਦੀ ਜਾਨ ਦਾਅ ’ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ । ਡਾਕਟਰੀ ਸਹਾਇਤਾ ਦਿਤੀ ਜਾਣੀ ਹੈ ਅਤੇ ਅਜਿਹਾ ਲਗਦਾ ਹੈ ਕਿ ਤੁਸੀਂ ਇਸਦਾ ਪਾਲਣ ਨਹੀਂ ਕਰ ਰਹੇ ਹੋ । ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਸ਼ਨੀਵਾਰ ਤਕ ਅਨੁਪਾਲਨ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿਤਾ, ਜਦੋਂ ਉਹ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗੀ । ਵਰਨਣਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ 26 ਨਵੰਬਰ 2024 ਤੋਂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਹਨ ਤਾਂ ਜੋ ਕੇਂਦਰ ’ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਸਕੇ ।