ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਹੱਲ ਦੀ ਹਦਾਇਤ

ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਹੱਲ ਦੀ ਹਦਾਇਤ
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਰੋਜਾਨਾ ਜਿੰਦਗੀ ਵਿੱਚ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵਚਨਬੱਧ ਹੈ, ਇਹ ਪ੍ਰਗਟਾਵਾ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਵੱਖ ਵੱਖ ਵਾਰਡਾਂ ਵਿੱਚ ਦੋਰਾ ਕਰਦਿਆਂ ਕੀਤਾ । ਉਹਨਾਂ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਦੀਆਂ ਵੱਖ ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਨਾਮ ਹੇਠ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਗਏ ਸਨ ਅਤੇ ਇਸ ਤੋਂ ਇਲਾਵਾ ਹੁਣ ਲਗਾਤਾਰ ਵੱਖ-ਵੱਖ ਥਾਵਾਂ ਦਾ ਦੌਰਾ ਕਰਦੇ ਹੋਏ ਨਾਗਰਿਕਾਂ ਨੂੰ ਉਹਨਾਂ ਦੀਆਂ ਜਰੂਰਤਾਂ ਅਨੁਸਾਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਆਪਣੇ ਅੱਜ ਦੇ ਦੌਰੇ ਦੌਰਾਨ ਐਸ. ਡੀ. ਐਮ. ਸੁਨਾਮ ਨੇ ਸ਼ਹਿਰ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ, ਵਾਰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ, ਸਟਰੀਟ ਲਾਈਟਾਂ ਸਮੇਤ ਹੋਰ ਜਰੂਰੀ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਬਾਰੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਅਜਿਹੀਆਂ ਕਿਸੇ ਵੀ ਕਿਸਮ ਦੀਆਂ ਸ਼ਿਕਾਇਤਾਂ ਮਿਲਣ ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ।
