ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ
ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ
ਕਾਰਜਸਾਧਕ ਅਫਸਰ ਨੂੰ ਕੂੜੇ ਦੇ ਡੰਪਾਂ ਦਾ ਸਥਾਈ ਹੱਲ ਕਰਨ ਦੇ ਨਿਰਦੇਸ਼
ਧੂਰੀ, 4 ਦਸੰਬਰ : ਉਪ-ਮੰਡਲ ਮੈਜਿਸਟਰੇਟ ਵਿਕਾਸ ਹੀਰਾ ਨੇ ਕਾਰਜ ਸਾਧਕ ਅਫਸਰ ਅਤੇ ਨਗਰ ਕੌਂਸਲ ਦੇ ਅਮਲੇ ਨੂੰ ਹਦਾਇਤ ਕੀਤੀ ਹੈ ਕਿ ਉਹ ਸਬ ਡਵੀਜ਼ਨ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਨੂੰ ਢੁਕਵੇਂ ਢੰਗ ਨਾਲ ਲਾਗੂ ਕਰਨ ਵਿੱਚ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣ । ਐਸ. ਡੀ. ਐਮ. ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸਫਾਈ ਪ੍ਰਬੰਧਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ਉੱਤੇ ਜ਼ੋਰ ਦਿੱਤਾ । ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਵਾਉਣ ਵਿੱਚ ਸਹਿਯੋਗ ਦੇਣ ਅਤੇ ਜਨਤਕ ਸਥਾਨਾਂ ਉੱਤੇ ਗਾਹੇ ਬਗਾਹੇ ਕੂੜਾ ਸੁੱਟ ਕੇ ਗੰਦਗੀ ਨਾ ਫੈਲਾਉਣ । ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਕੂੜੇ ਦੇ ਢੇਰਾਂ ਦੇ ਸੁਚੱਜੇ ਨਿਪਟਾਰੇ ਲਈ ਵਿਉਂਤਬਧ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਛੇਤੀ ਹੀ ਸ਼ਹਿਰਵਾਸੀ ਇਸ ਤੋਂ ਰਾਹਤ ਮਹਿਸੂਸ ਕਰਨਗੇ । ਇਸ ਸਬੰਧੀ ਕਾਰਜ ਸਾਧਕ ਅਫਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੀ ਟੀਮ ਸਾਫ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਜਸ਼ੀਲ ਹੈ ਅਤੇ ਲੋਕਾਂ ਨੂੰ ਵੀ ਸਵੱਛਤਾ ਮੁਹਿੰਮ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ ।