ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਅਤੇ ਗੁਰਮਤਿ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਸਮੂਹ ਟੀਚਿੰਗ ਨਾਲ ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ਦਾ ਪਾਠ ਕੀਤਾ । ਉਪਰੰਤ ਆਨੰਦ ਸਾਹਿਬ ਬਾਣੀ ਪੜ੍ਹੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਮਾਜ ਵਿੱਚ ਭਾਈਚਾਰਕ ਸਾਂਝ ਦੀ ਅਜਿਹੀ ਮਿਸਾਲ ਹੈ, ਜਿਸ ਦੀ ਉਦਾਹਰਣ ਦੁਨੀਆ ਵਿੱਚ ਹੋਰ ਕਿਧਰੇ ਨਹੀਂ ਮਿਲਦੀ । ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਸਮਕਾਲ ਵਿੱਚ ਭਾਈਚਾਰਕ ਸਦਭਾਵਨਾ ਦੇ ਮਾਹੌਲ ਨੂੰ ਪ੍ਰਫੁੱਲਿਤ ਕਰਨ ਲਈ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ । ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਵੀਰ ਸਿੰਘ ਅਤੇ ਡਾ. ਦਵਿੰਦਰ ਸਿੰਘ ਪੰਜਾਬੀ ਵਿਭਾਗ ਨੇ ਇਸ ਸਾਰੇ ਸਮਾਗਮ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਬਾਖੂਬੀ ਪੂਰੀ ਕੀਤੀ ।
