ਕੈਬਨਿਟ ਮੰਤਰੀ ਧਾਲੀਵਾਲ ਨੇ ਬਟਾਲਾ ਵਿਖੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ
ਕੈਬਨਿਟ ਮੰਤਰੀ ਧਾਲੀਵਾਲ ਨੇ ਬਟਾਲਾ ਵਿਖੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ
-1267 ਸਰਪੰਚਾਂ ਅਤੇ 7208 ਪੰਚਾਂ ਨੇ ਲਿਆ ਆਪਣੇ ਅਹੁਦੇ ਦਾ ਹਲਫ
ਬਟਾਲਾ/ਗੁਰਦਾਸਪੁਰ, 3 ਦਸੰਬਰ – ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਦਾਣਾ ਮੰਡੀ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ।ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਚੁਣੇ ਗਏ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ । ਸਹੁੰ ਚੁਕਾਉਣ ਤੋਂ ਪਹਿਲਾਂ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨ੍ਹਾਂ ਕਰਵਾਈਆਂ ਗਈਆਂ ਸਨ । ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ । ਧਾਲੀਵਾਲ ਨੇ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾ ਕਰਕੇ ਪੰਚਾਇਤੀ ਫੈਸਲਿਆਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਪੰਚ/ਪੰਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ ।