ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਬਰਿੰਦਰ ਗੋਇਲ ਵੱਲੋਂ ਜ਼ਿਲਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਬਰਿੰਦਰ ਗੋਇਲ ਵੱਲੋਂ ਜ਼ਿਲਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ
ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ
ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹੋਏ ਸ਼ਾਮਿਲ
ਸੰਗਰੂਰ, 3 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਸੰਗਰੂਰ ਦੇ ਨਾਗਰਿਕਾਂ ਨੂੰ ਸਮਾਂਬਧ, ਸਾਫ ਸੁਥਰੀਆਂ ਅਤੇ ਸਰਵੋਤਮ ਪ੍ਰਸ਼ਾਸਨਿਕ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਕਿਸੇ ਪੱਧਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਹ ਪ੍ਰਗਟਾਵਾ ਅੱਜ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੀਤਾ । ਇਸ ਮੀਟਿੰਗ ਵਿੱਚ ਮੌਜੂਦ ਪੰਜਾਬ ਦੇ ਭੂਮੀ ਤੇ ਜਲ ਸੰਭਾਲ, ਜਲ ਸਰੋਤ ਅਤੇ ਖਣਨ ਤੇ ਭੂ ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਅਤੇ ਵਿਕਾਸ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਨਾਗਰਿਕਾਂ ਨੂੰ ਬਿਨਾਂ ਕਿਸੇ ਖਾਸ ਜਰੂਰਤ ਤੋਂ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਹਨਾਂ ਦੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ । ਮੀਟਿੰਗ ਦੌਰਾਨ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਦੋਵੇਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦਾ ਕਾਇਆਕਲਪ ਕਰਨ ਲਈ ਵੱਡੇ ਪੱਧਰ ਤੇ ਵਿਕਾਸ ਲਹਿਰ ਚੱਲ ਰਹੀ ਹੈ । ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਦਿੱਤੇ ਜਾਂਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਨਿਯਮਤ ਸਾਫ ਸਫਾਈ, ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸਟਰੀਟ ਲਾਈਟਾਂ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਸੀਵਰੇਜ ਦੀ ਸਫਾਈ, ਪਾਰਕਾਂ ਅਤੇ ਖੇਡ ਮੈਦਾਨਾਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਲੋੜਾਂ ਲਈ ਪ੍ਰਸ਼ਾਸਨਿਕ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ । ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਸਹਾਇਕ ਕਮਿਸ਼ਨਰ ਡਾ. ਆਦਿਤਯ ਸ਼ਰਮਾ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਧੂਰੀ ਵਿਕਾਸ ਹੀਰਾ, ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ ।