ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ, ਅਮਰੀਕਾ ਤੋਂ ਆਏ ਡਾਕਟਰਾਂ ਨੇ ਕੀਤਾ ਚੈੱਕਅਪ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 December, 2024, 08:07 PM

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ, ਅਮਰੀਕਾ ਤੋਂ ਆਏ ਡਾਕਟਰਾਂ ਨੇ ਕੀਤਾ ਚੈੱਕਅਪ
ਸੰਗਰੂਰ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ । ਅਮਰੀਕਾ ਤੋਂ ਆਏ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਚੈੱਕਅਪ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਸਥਿਤੀ ਬਣ ਸਕਦੀ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਖੂਨ ਨਾਲ ਦਸਤਖਤ ਵਾਲਾ ਖੁੱਲ੍ਹਾ ਖਤ ਲਿਖਿਆ ਹੈ । ਇਸ ਚਿੱਠੀ ਦੀ ਇੱਕ ਕਾਪੀ ਇਸ ਨਾਲ ਨੱਥੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਦੋਵੇਂ ਮੋਰਚਿਆਂ ਨੇ ਅਪੀਲ ਕੀਤੀ ਹੈ ਕਿ ਭਲਕੇ ਦੇਸ਼ ਭਰ ਦੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣ ਅਤੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ 16 ਦਸੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ ਤੋਂ ਬਾਅਦ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਦਸਤਖਤ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ । ਖਨੌਰੀ ਮੋਰਚੇ ਨੂੰ ਮਜਬੂਤ ਕਰਨ ਦੀ ਜਿੰਮੇਵਾਰੀ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ ਅਤੇ ਕੱਲ ਤੋਂ ਔਰਤਾਂ ਦੇ ਵੱਡੇ ਜੱਥੇ ਖਨੌਰੀ ਮੋਰਚੇ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ ।



Scroll to Top