ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਤੁਰਤ ਮੰਗਾਂ ਹੱਲ ਕਰਨ ਦੀ ਕੀਤੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 December, 2024, 08:21 PM

ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਤੁਰਤ ਮੰਗਾਂ ਹੱਲ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਦੇਸ਼ ਦੇ ਕਿਸਾਨ ਭਾਰਤ ਦੇ ਹਨ ਉਨ੍ਹਾਂ ਨਾਲ ਭਾਰਤ ਦੇ ਨਾਗਰਿਕਾਂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖਾਸ ਕਰਕੇ ਪ੍ਰਧਾਨ ਮੰਤਰੀ ਜੀ ਅੱਗੇ ਆ ਕੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾਂ ਕਰਨਾ ਚਾਹੀਦਾ ਹੈ। ਇਹ ਉਹੀ ਕਿਸਾਨ ਹਨ ਜਿਨ੍ਹਾਂ ਦੇਸ਼ ਲਈ ਕੁਰਬਾਨੀਆਂ ਦਿੰਦੇ ਹਨ ਰੋਜ਼ ਤਿਰੰਗੇ ’ਚ ਲਿਪਟ ਕੇ ਆਉਂਦੇ ਹਨ, ਜਿਨ੍ਹਾਂ ਨੇ ਸੱਪ ਦੀਆਂ ਸੀਰੀਆ ਮਿੱਧ ਕੇ ਦੇਸ਼ ਦੇ ਅੰਨ ਭੰਡਾਰ ’ਚ ਪੂਰਤੀ ਕੀਤੀ, ਉਨ੍ਹਾਂ ਕਿਸਾਨਾਂ ਨੂੰ ਅਸੀਂ ਦਿੱਲੀ ਆਉਣ ਤੋਂ ਰੋਕਿਆ ਹੋਇਆ ਹੈ । ਉਨ੍ਹਾਂ ਕਿਹਾ ਕਿਸਾਨਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ । ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਹਨ, ਦੀ ਸਿਹਤ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਡੱਲੇਵਾਲ ਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਮਨਾਵੇ । ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ।



Scroll to Top