ਰਾਕੇਸ਼ ਟਿਕੈਤ ਭਲਕੇ ਪਹੁੰਚਣਗੇ ਖਨੌਰੀ ਬਾਰਡਰ, ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਜਾਣਨਗੇ ਹਾਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 December, 2024, 08:17 PM

ਰਾਕੇਸ਼ ਟਿਕੈਤ ਭਲਕੇ ਪਹੁੰਚਣਗੇ ਖਨੌਰੀ ਬਾਰਡਰ, ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਜਾਣਨਗੇ ਹਾਲ
ਬਠਿੰਡਾ : ਕਿਸਾਨ ਜਥੇਬੰਦੀਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਭਾਰਤੀ ਕਿਸਾਨ ਯੂਨੀਅਨ ਟਿਕੈਤ ਨੇ ਵੀ ਆਪਣਾ ਸਮਰਥਨ ਦੇ ਦਿੱਤਾ ਹੈ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ ’ਤੇ ਪੁੱਜਣਗੇ ਅਤੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨਗੇ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਪੰਜਾਬ ਦੇ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਨੌਰੀ ਬਾਰਡਰ ‘ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋ ਰੱਖੇ ਮਰਨ ਵਰਤ ‘ਤੇ ਸਰਕਾਰ ਵੱਲੋ ਧਾਰੀ ਚੁੱਪ ਕਾਰਨ ਕਿਸਾਨਾਂ ਵਿਚ ਸਖਤ ਰੋਸ ਹੈ । ਉਨ੍ਹਾਂ ਦੱਸਿਆ ਕਿ ਟਿਕੈਤ ਮਰਨ ’ਤੇ ਬੈਠੇ ਹੋਏ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਅੱਜ ਸ਼ੁੱਕਰਵਾਰ ਨੂੰ ਸਵੇਰੇ 12 ਵਜੇ ਖਨੌਰੀ ਬਾਡਰ ਵਿਖੇ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅਤੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਪਹੁੰਚਣਗੇ । ਰਾਮਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਨੇ ਇਸ ਗੰਭੀਰ ਮਸਲੇ ’ਤੇ ਚੁੱਪ ਧਾਰੀ ਹੋਈ ਹੈ, ਜਿਸਨੂੰ ਕਿਸਾਨ ਬਰਦਾਸ਼ਤ ਨਹੀ ਕਰਨਗੇ । ਉਨ੍ਹਾਂ ਕਿਹਾ ਕਿ ਮਰਨ ਵਰਤ ਕਾਰਨ ਡੱਲੇਵਾਲ ਦਾ ਕਰੀਬ 12 ਕਿਲੋ ਭਾਰ ਘਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਹੋਈਆਂ ਹਨ ।



Scroll to Top