ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 11 December, 2024, 04:32 PM

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ 6 ਮਹੀਨਿਆਂ ਵਿੱਚ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ
ਚੰਡੀਗੜ੍ਹ, 11 ਦਸੰਬਰ : ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ. ਸੀ. ਸੀ. ਈ.) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਸੁਝਾਵਾਂ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਕੰਮ ਕਰ ਰਹੇ ਨਿੱਜੀ ਪਲੇਅ ਵੇਅ ਸਕੂਲਾਂ ਦਾ ਰਜਿਸਟਰੇਸ਼ਨ ਕਰਵਾਉਣਾ ਲਾਜਮੀ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ 6 ਮਹੀਨਿਆਂ ਵਿੱਚ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਰਜਿਸਟਰਡ ਪਲੇਅ ਵੇਅ ਹੀ ਹੁਣ ਸੂਬੇ ਵਿੱਚ ਆਪਣੀਆਂ ਸੇਵਾਵਾਂ ਦੇ ਸਕਣਗੇ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਆਨਲਾਈਨ ਸਿਸਟਮ ਸਥਾਪਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸੰਸਥਾ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮਾਂ ਬੱਧ ਅਤੇ ਪਾਰਦਰਸ਼ੀ ਢੰਗ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਨੇਪਰੇ ਚੜ੍ਹ ਸਕੇ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਪਲੇਅ ਵੇਅ ਸਕੂਲਾਂ ਦੀ ਨਿਗਰਾਨੀ ਰਾਜ ਪੱਧਰੀ ਈ. ਸੀ. ਸੀ. ਈ. ਕੌਂਸਲ ਵੱਲੋਂ ਕੀਤੀ ਜਾਵੇਗੀ, ਜਿਸ ਦੀ ਅਗਵਾਈ ਵਿਭਾਗ ਦੇ ਮੰਤਰੀ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪਲੇਅ ਵੇਅ ਸਕੂਲਾਂ ਲਈ ਈ. ਸੀ. ਸੀ. ਈ. ਕੌਂਸਲ ਵੱਲੋਂ 0 ਤੋਂ 3 ਸਾਲ ਦੇ ਬੱਚਿਆਂ ਲਈ ਨਵਚੇਤਨਾ ਅਤੇ 3 ਤੋਂ 6 ਸਾਲ ਦੇ ਬੱਚਿਆ ਲਈ ਅਧਾਰਸ਼ਿਲਾ ਸਿਲੇਬਸ ਨਿਰਧਾਰਤ ਕੀਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਆਰ. ਟੀ. ਐਕਟ 2009 ਅਧੀਨ ਆਉਂਦੇ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਨੂੰ ਵੀ ਇਹ ਰਜਿਸਟਰੇਸ਼ਨ ਕਰਵਾਉਣੀ ਲਾਜਮੀ ਹੈ । ਮੰਤਰੀ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਕਿਤਾਬਾਂ ਪੈਨਸਿਲਾ ਦੀ ਵਰਤੋਂ ਨਹੀ ਕੀਤੀ ਜਾਵੇਗੀ ਸਗੋਂ ਉਨ੍ਹਾਂ ਦੇ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ । ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਧਿਆਨ ਹਿੱਤ ਪੇਰੈਂਟਸ ਟੀਚਰ ਵਟਸਅੱਪ ਗਰੁੱਪ ਬਣਾਏ ਜਾਣਗੇ । ਉਨ੍ਹਾਂ ਕਿਹਾ ਕਿ ਸਾਰੇ ਪਲੇਅ ਵੇਅ ਸਕੂਲਾਂ ਵਿੱਚ ਖੇਡਣ ਲਈ ਥਾਂ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣੇ ਲਾਜਮੀ ਹੋਣਗੇ, ਜਿਸ ਨਾਲ ਬੱਚਿਆ ਦੀ ਨਿਗਰਾਨੀ ਕੀਤੀ ਜਾ ਸਕੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਸਮੇਂ ਇਹ ਜਾਂਚ ਕਰਨ ਕਿ ਸਕੂਲ ਰਜਿਸਟਰਡ ਹੈ ਜਾਂ ਨਹੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਲੇਅ ਵੇਅ ਸਕੂਲਾਂ ਵਿੱਚ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਵਧੀਆ ਸੁਧਾਰ ਲਿਆਉਣ ਲਈ ਲਗਾਤਾਰ ਕਾਰਜਸ਼ੀਲ ਹੈ ।



Scroll to Top