ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ
ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ
ਸਮਾਰਟ ਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਅਤੇ ਲਾਗਤ ਵੀ ਘਟਦੀ ਹੈ: ਡਾ. ਹਰਬੰਸ ਸਿੰਘ ਚਹਿਲ
ਸੰਗਰੂਰ, 11 ਦਸੰਬਰ : ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਇਲਾਵਾ ਅਗਲੀ ਫ਼ਸਲ ਦੀ ਬਿਜਾਈ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਤਹਿਤ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਨੇ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਰਹਿਣ ਵਾਲੇ ਅਗਾਂਹਵਧੂ ਕਿਸਾਨ ਮਿਹਰ ਚੰਦ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਕਿਸਾਨ ਵੱਲੋਂ ਲਗਭਗ 03 ਏਕੜ ਕਣਕ ਦੀ ਬਿਜਾਈ ਸਮਾਰਟ ਸੀਡਰ ਮਸ਼ੀਨ ਨਾਲ ਕੀਤੀ ਗਈ ਸੀ । ਇਸ ਮੌਕੇ ਨਿਰੀਖਣ ਕਰਦਿਆਂ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਇਸ ਤਕਨੀਕ ਜ਼ਰੀਏ ਬੀਜੀ ਕਣਕ ਦੀ ਫਸਲ ਬਿਲਕੁਲ ਠੀਕ ਹੈ ਅਤੇ ਕਿਸੇ ਕਿਸਮ ਦੀ ਬਿਮਾਰੀ ਜਾਂ ਕੀੜੇ—ਮਕੌੜਿਆਂ ਦਾ ਹਮਲਾ ਆਦਿ ਨਹੀਂ ਪਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਹੈ ਅਤੇ ਇਸ ਤਕਨੀਕ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਲਾਗਤ ਵੀ ਘੱਟ ਆਉਂਦੀ ਹੈ । ਇਸ ਮੌਕੇ ਕਿਸਾਨ ਮਿਹਰ ਚੰਦ ਨੇ ਵੀ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਕਦੇ ਵੀ ਝੋਨੇ ਦੇ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸਗੋਂ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਂਦੀ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸਾਲ ਸਮਾਰਟ ਸੀਡਰ ਨਾਲ ਬੀਜੀ ਕਣਕ ਦੀ ਹਾਲਤ ਬਹੁਤ ਵਧੀਆ ਹੈ ਅਤੇ ਆਮ ਖੇਤਾਂ ਦੀ ਤਰ੍ਹਾਂ ਇਸ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੀ ਨਹੀਂ ਹੋਇਆ । ਉਨ੍ਹਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਵੀਆਂ ਤਕਨੀਕਾਂ ਨਾਲ ਕਣਕ ਦੀ ਬਿਜਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ । ਇਸ ਮੌਕੇ ਖੇਤੀਬਾੜੀ ਅਫਸਰ ਭਵਾਨੀਗੜ੍ਹ ਡਾ. ਮਨਦੀਪ ਸਿੰਘ ਨੇ ਵੀ ਕਿਸਾਨ ਮਿਹਰ ਚੰਦ ਦੀ ਅਗਾਂਹ ਵਧੂ ਸੋਚ ਤੋਂ ਸਾਰੇ ਕਿਸਾਨਾਂ ਨੂੰ ਸੇਧ ਲੈਣ ਦੀ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਨਾਲ ਡਾ. ਅਨਮੋਲਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਭਵਾਨੀਗੜ੍ਹ, ਹਰਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ, ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਰਜੀਤ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ, ਰਜਿੰਦਰ ਸਿੰਘ ਅਤੇ ਦੁਆਰਕਾ ਦਾਸ ਮੌਜੂਦ ਸਨ ।