ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 08 December, 2024, 07:22 PM

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਜਾਰੀ
ਉਮੀਦਵਾਰ 9 ਤੋਂ 12 ਦਸੰਬਰ ਤੱਕ ਦਾਖਲ ਕਰਵਾ ਸਕਣਗੇ ਨਾਮਜ਼ਦਗੀ ਫਾਰਮ – ਡਿਪਟੀ ਕਮਿਸ਼ਨਰ
ਸੰਗਰੂਰ, 8 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸੰਗਰੂਰ, ਚੀਮਾ, ਮੂਣਕ, ਖਨੌਰੀ ਤੇ ਦਿੜਬਾ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਜਨਰਲ ਚੋਣਾਂ ਅਤੇ ਸੁਨਾਮ ਤੇ ਧੂਰੀ ਦੀਆਂ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 9 ਦਸੰਬਰ ਤੋਂ 12 ਦਸੰਬਰ ਤੱਕ ਜਾਰੀ ਰਹੇਗੀ । ਸ਼੍ਰੀ ਸੰਦੀਪ ਰਿਸ਼ੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨ ਨੇ ਕਾਗਜ਼ਾਂ ਦੀ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ । ਉਨ੍ਹਾਂ ਦੱਸਿਆ ਕਿ ਵੋਟਾਂ 21 ਦਸੰਬਰ ਨੂੰ ਪੈਣਗੀਆਂ । ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ ਅਤੇ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ।

ਜਿਲਾ ਚੋਣਕਾਰ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਲਈ ਸਬ ਡਵੀਜ਼ਨਲ ਮੈਜਿਸਟਰੇਟ ਸੰਗਰੂਰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਸੰਗਰੂਰ ਸਹਾਇਕ ਰਿਟਰਨਿੰਗ ਅਫਸਰ ਹੋਣਗੇ ਜਦ ਕਿ ਨਗਰ ਕੌਂਸਲ ਸੰਗਰੂਰ ਦੇ ਹੀ ਵਾਰਡ ਨੰਬਰ 16 ਤੋਂ 29 ਲਈ ਬੀ.ਡੀ.ਪੀ.ਓ ਭਵਾਨੀਗੜ੍ਹ ਨੂੰ ਰਿਟਰਨਿੰਗ ਅਫਸਰ ਜਦਕਿ ਨਾਇਬ ਤਹਿਸੀਲਦਾਰ ਭਵਾਨੀਗੜ੍ਹ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਪੰਚਾਇਤ ਮੂਨਕ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਲਹਿਰਾ ਨੂੰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਮੂਨਕ ਨੂੰ ਸਹਾਇਕ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਨਗਰ ਪੰਚਾਇਤ ਖਨੌਰੀ ਦੇ ਵਾਰਡ ਨੰਬਰ 1 ਤੋਂ 13 ਲਈ ਤਹਿਸੀਲਦਾਰ ਮੂਨਕ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਖਨੌਰੀ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਜ਼ਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ ਨਗਰ ਪੰਚਾਇਤ ਚੀਮਾ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਸੁਨਾਮ ਨੂੰ ਰਿਟਰਨਿੰਗ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਲੌਂਗੋਵਾਲ ਨੂੰ ਸਹਾਇਕ ਰਿਟਰਨਿੰਗ ਅਫਸਰ ਤਾਇਨਾਤ ਕੀਤਾ ਗਿਆ ਹੈ ਜਦਕਿ ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਲਈ ਤਹਿਸੀਲਦਾਰ ਸੁਨਾਮ ਨੂੰ ਰਿਟਰਨਿੰਗ ਅਫਸਰ ਤੇ ਨਾਇਬ ਤਹਿਸੀਲਦਾਰ ਸੁਨਾਮ ਨੂੰ ਸਹਾਇਕ ਰਿਟਰਨਿੰਗ ਅਫਸਰ, ਨਗਰ ਪੰਚਾਇਤ ਦਿੜ੍ਹਬਾ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਦਿੜ੍ਹਬਾ ਨੂੰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਦਿੜ੍ਹਬਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਨਗਰ ਕੌਂਸਲ ਧੂਰੀ ਦੇ ਵਾਰਡ ਨੰਬਰ 5 ਦੀ ਜ਼ਿਮਨੀ ਚੋਣ ਲਈ ਸਬ ਡਵੀਜ਼ਨਲ ਮੈਜਿਸਟਰੇਟ ਧੂਰੀ ਨੂੰ ਰਿਟਰਨਿੰਗ ਅਫ਼ਸਰ ਤੇ ਤਹਿਸੀਲਦਾਰ ਧੂਰੀ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ।

ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਲਈ ਦਫਤਰ ਉਪ ਮੰਡਲ ਮੈਜਿਸਟਰੇਟ ਸੰਗਰੂਰ ਵਿਖੇ, ਵਾਰਡ ਨੰਬਰ 16 ਤੋਂ 29 ਲਈ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਵਿਖੇ, ਨਗਰ ਕੌਂਸਲ ਸੁਨਾਮ ਦੀ ਉਪ ਚੋਣ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਸੁਨਾਮ ਵਿਖੇ, ਨਗਰ ਪੰਚਾਇਤ ਚੀਮਾ ਲਈ ਕੋਰਟ ਨੰਬਰ 1 ਅਤੇ 2, ਉਪ ਮੰਡਲ ਮੈਜਿਸਟਰੇਟ ਸੁਨਾਮ ਵਿਖੇ, ਨਗਰ ਪੰਚਾਇਤ ਮੂਨਕ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਮੂਨਕ ਵਿਖੇ, ਨਗਰ ਪੰਚਾਇਤ ਖਨੌਰੀ ਲਈ ਕਮਰਾ ਨੰਬਰ 1, ਨਗਰ ਪੰਚਾਇਤ ਖਨੌਰੀ ਵਿਖੇ, ਨਗਰ ਪੰਚਾਇਤ ਦਿੜ੍ਹਬਾ ਲਈ ਸਬ ਡਵੀਜ਼ਨ ਕੰਪਲੈਕਸ, ਗਾਮੜੀ ਰੋਡ, ਉਪ ਮੰਡਲ ਮੈਜਿਸਟਰੇਟ ਦਫਤਰ ਦਿੜ੍ਹਬਾ ਵਿਖੇ ਅਤੇ ਨਗਰ ਕੌਂਸਲ ਧੂਰੀ ਦੀ ਉਪ ਚੋਣ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਧੂਰੀ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ । ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ ।