ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ : ਰਾਜੇਵਾਲ

ਦੁਆਰਾ: Punjab Bani ਪ੍ਰਕਾਸ਼ਿਤ :Monday, 30 December, 2024, 02:38 PM

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ : ਰਾਜੇਵਾਲ
ਜਲੰਧਰ : ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ) (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਸਿਆ ਕਿ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਉਹ ਕਮੇਟੀ ਅੱਗੇ ਵੱਖ-ਵੱਖ ਫ਼ਸਲਾਂ ’ਤੇ ਹੋਣ ਵਾਲੇ ਖ਼ਰਚੇ ਅਤੇ ਆਮਦਨ ਦੇ ਅੰਕੜੇ ਸਬੂਤਾਂ ਸਣੇ ਰਖਣਗੇ। ਕਮੇਟੀ ਅੱਗੇ ਕਿਸਾਨਾਂ ਦਾ ਕੇਸ ਮਜ਼ਬੂਤੀ ਨਾਲ ਰੱਖਣ ਦਾ ਦਾਅਵਾ ਕਰਦੇ ਹੋਏ ਰਾਜੇਵਾਲ ਨੇ ਦਸਿਆ ਕਿ ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਚਿੱਠੀ ਵੀ ਲਿਖੀ ਹੈ, ਜਿਸ ਵਿਚ ਉਨ੍ਹਾਂ ਉਹ ਧਾਰਾ ਪੁੱਛੀ ਹੈ, ਜਿਸ ਤਹਿਤ ਹਰਿਆਣਾ ਸਰਕਾਰ ਸ਼ਾਂਤਮਈ ਤਰੀਕੇ ਨਾਲ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਰੋਕ ਰਹੀ ਹੈ । ਜ਼ਿਕਰਯੋਗ ਹੈ ਕਿ ਬੀਤੇ ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਇਕ ਕਮੇਟੀ ਬਣਾਈ ਸੀ ਜਿਸ ਨੂੰ ਆਦੇਸ਼ ਦਿਤਾ ਸੀ ਕਿ ਉਹ ਕਿਸਾਨਾਂ ਤੇ ਸਰਕਾਰ ਨਾਲ ਤਾਲਮੇਲ ਕਰ ਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਵੇ ਪਰ ਧਰਨਾਕਾਰੀ ਕਿਸਾਨਾਂ ਨੇ ਉਸ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿਤਾ ਸੀ ਤੇ ਕਿਹਾ ਸੀ ਕਿ ਉਹ ਗੱਲਬਾਤ ਕੇਂਦਰ ਸਰਕਾਰ ਨਾਲ ਹੀ ਕਰਨਗੇ। ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਉਸ ਕਮੇਟੀ ਨਾਲ ਗੱਲਬਾਤ ਕਰਨਗੇ ਅਤੇ ਉਹ ਫ਼ਸਲਾਂ `ਤੇ ਆਉਂਦੇ ਲਾਗਤ ਖ਼ਰਚੇ ਬਾਰੇ ਦਸਣਗੇ ।