ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਦੁਆਰਾ: News ਪ੍ਰਕਾਸ਼ਿਤ :Wednesday, 05 July, 2023, 07:45 PM

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ

ਚੰਡੀਗੜ੍ਹ, 5 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ।
ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।