ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਮੱਥਾ ਟੇਕਣ ਮੌਕੇ ਅੱਜ ਦੇ ਦਿਨ ਦੱਸਿਆ ਇਤਿਹਾਸਕ ਦਿਨ

ਦੁਆਰਾ: Punjab Bani ਪ੍ਰਕਾਸ਼ਿਤ :Monday, 06 January, 2025, 01:05 PM

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਮੱਥਾ ਟੇਕਣ ਮੌਕੇ ਅੱਜ ਦੇ ਦਿਨ ਦੱਸਿਆ ਇਤਿਹਾਸਕ ਦਿਨ
ਪੰਚਕੂਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ । ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ । ਖ਼ਾਲਸਾ ਪੰਥ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਵਾਰ ਦੀ ਸਮਾਜ, ਧਰਮ ਅਤੇ ਕੌਮ ਦੀ ਰਖਿਆ ਲਈ ਕੁਰਬਾਨੀ ਬੇਮਿਸਾਲ ਹੈ । ਪੰਚਕੂਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਤੀਜੀ ਵਾਰ ਵੱਡੀ ਬਹੁਮਤ ਨਾਲ ਚੁਣਨ ਲਈ ਲੋਕਾਂ ਦਾ ਧਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ. ਸੀ.) ਅਤੇ ਐਸ. ਪੀ. ਮਹੀਨੇ ਵਿਚ ਇਕ ਵਾਰ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ ’ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੀਆਂ ਦੀ ਸਿਖਿਆ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿਚ ਧੀਆਂ ਨੂੰ ਮੁਫ਼ਤ ਸਿਖਿਆ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਜਾਰੀ ਰਹੇਗਾ । ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਣਦੀਪ ਸੁਰਜੇਵਾਲਾ, ਕੁਮਾਰੀ ਸ਼ੈਲਜਾ ਸਮੇਤ ਕਾਂਗਰਸੀ ਆਗੂ ਬਿਨਾਂ ਤੱਥਾਂ ਦੇ ਟਵੀਟ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ । ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ, ਪਰ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ । ਲੋਹਾਰੂ ਵਿਖੇ ਦਲਿਤ ਵਿਦਿਆਰਥਣ ਦੇ ਖ਼ੁਦਕੁਸ਼ੀ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ । ਕਾਂਗਰਸੀ ਆਗੂ ਇਸ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ । ਸਾਡੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇ ਲੋੜ ਪਈ ਤਾਂ ਸੀਬੀਆਈ ਜਾਂਚ ਕਰਵਾਈ ਜਾਵੇਗੀ ਪਰ ਕਾਂਗਰਸ ਪਾਰਟੀ ਨੇ ਇਸ ਨਾਜ਼ੁਕ ਮੁੱਦੇ ’ਤੇ ਵੀ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਹੈ ।