ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 February, 2024, 03:10 PM

ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ
ਅੰਮ੍ਰਿਤਸਰ : ਦੇਸ਼ ‘ਚ ਵੱਖ-ਵੱਖ ਗੁਰਦੁਆਰਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਸਿੱਖਾਂ ‘ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਮਹਾਰਾਸ਼ਟਰਾ ‘ਚ ਇੱਕ ਏਕਨਾਥ ਸ਼ਿੰਦੇ (ਸਰਕਾਰ ਦੇ ਇਕ ਹੋਰ ਫੈਸਲੇ ਨੇ ਸਿੱਖ ਕੌਮ ‘ਚ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਹਾਰਾਸ਼ਟਰ ਦੀ ਏਕ ਨਾਥ ਸ਼ਿੰਦੇ ਸਰਕਾਰ ਵੱਲੋਂ ਕੀਤੀ ਗਈ ਸੋਧ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ।
ਉਨ੍ਹਾਂ ਆਪਣੇ ਟਵਿੱਟਰ ਐਕਸ ਹੈਂਡਲ ‘ਤੇ ਪੋਸਟ ‘ਚ ਕਿਹਾ, ”ਰਾਜ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ ‘ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।