ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਲੋਂ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ ਜਾਗਰੂਕ ਕਰਨ ਹਿੱਤ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਵਰਤਮਾਨ ਸਮੇਂ ਲੋਕਤੰਤਰ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ਵਧਾਉਣਾ ਇੱਕ ਵੱਡੀ ਚੁਣੌਤੀ ਹੈ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਨੌਜਵਾਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਤੰਤਰੀ ਪ੍ਰਕਿਰਿਆ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣ। ਇਸ ਮੌਕੇ ਬੋਲਦਿਆਂ ਰਾਜਨੀਤਿਕ ਵਿਗਿਆਨ ਵਿਭਾਗ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰ ਸਾਲ 25 ਜਨਵਰੀ ਦਾ ਦਿਨ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ਅਧੀਨ ਕਾਲਜ ਵਿੱਚ ਅਠਾਰਾਂ ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰਡ ਕੀਤਾ ਜਾਂਦਾ ਹੈ ਅਤੇ ਚੋਣ ਪ੍ਰਣਾਲੀ ਅਤੇ ਵੋਟ ਦੀ ਮਹੱਤਤਾ ਸਮਝਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਕਾਲਜ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਆਯੋਜਿਤ ਕੀਤਾ ਗਿਆ ਅਤੇ ਵੋਟ ਦੇ ਅਧਿਕਾਰ ਦੀ ਉਚਿਤ ਅਤੇ ਲਾਜ਼ਮੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੌਰਾਨ ਡਾ: ਗੋਰਖ ਸਿੰਘ ਮੁਖੀ ਜੌਗਰਫੀ ਵਿਭਾਗ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ ਅਤੇ ਡਾ: ਉਪਸਨਾ ਗਰਗ ਵੀ ਹਾਜ਼ਰ ਸਨ।
