ਪ੍ਰਤਾਪ ਬਾਜਵਾ ਦਾ ਦੋ-ਟੁੱਕ 'ਆਪ' ਲਈ ਹਰਿਆਣਾ ਜਾਂ ਦਿੱਲੀ 'ਚ ਨਹੀਂ ਕਰਾਂਗਾ ਪ੍ਰਚਾਰ

ਪ੍ਰਤਾਪ ਬਾਜਵਾ ਦਾ ਦੋ-ਟੁੱਕ ‘ਆਪ’ ਲਈ ਹਰਿਆਣਾ ਜਾਂ ਦਿੱਲੀ ‘ਚ ਨਹੀਂ ਕਰਾਂਗਾ ਪ੍ਰਚਾਰ
-ਰਾਜਿੰਦਰਾ ਹਸਪਤਾਲ ‘ਚ ਜੇਰੇ ਇਲਾਜ ਕਿਸਾਨਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਪ੍ਰਤਾਪ ਬਾਜਵਾ
ਪਟਿਆਲਾ, 25 ਫਰਵਰੀ ( ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਿਸਾਨਾਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਮਜੂਦ ਸਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਅਤੇ ਉੱਥੇ ਮੌਜੂਦ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਸਮੇਤ ਹੋਰਨਾਂ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜ਼ਾਇਜਾ ਲਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਕੁੱਝ ਕਿਸਾਨਾਂ ਨਾਲ ਘਿਨੌਣੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਲਈ ਸਿੱਧੇ ਤੌਰ ‘ਤੇ ਕੇਂਦਰ ਅਤੇ ਹਰਿਆਣਾ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਅੱਗੇ ਪੰਜਾਬ ਦੀ ਸੱਤਾਧਿਰ ਨੇ ਗੋਡੇ ਟੇਕ ਦਿੱਤੇ ਹਨ, ਕਿਉਂਕਿ ਚਾਰ ਦਿਨ ਬਾਅਦ ਵੀ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਪਰਚਾ ਦਰਜ ਕਰਨ ਵਾਸਤੇ ਕੋਈ ਫੈਸਲਾ ਨਹੀਂ ਲੈ ਸਕੀ। ਬਾਜਵਾ ਨੇ ਕਿਹਾ ਕਿ ਸਰਕਾਰ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਕਿਸਾਨਾਂ ਨੂੰ ਮੁੱਦੇ ਤੋਂ ਭਟਕਾਉਣਾ ਚਾਹੁੰਦੀ ਹੈ, ਜਦਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਜਗ੍ਹਾ ‘ਤੇ ਗੋਲੀ ਚੱਲੀ ਹੈ ਉੱਥੇ ਹਰਿਆਣਾ ਅਤੇ ਪੰਜਾਬ ਦੀ ਹੱਦ ਹੈ, ਜਿਸ ਤੋਂ ਬਾਅਦ ਹੱਦਬੰਦੀ ਦੀਆਂ ਉਲਝਣਾਂ ਵਿਚ ਕਿਸਾਨਾਂ ਨੂੰ ਉਲਝਾ ਕੇ ਪਰਚਾ ਦਰਜ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਚਾਹੇ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਥਾਣੇ ‘ਚ ਜ਼ੀਰੋ ਐਫ.ਆਈ.ਆਰ. ਕੱਟ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਸਕਦੀ ਹੈ। ਇਸ ਨਾਲ ਕਿਸਾਨਾਂ ਦੀ ਵੱਡੀ ਮੰਗ ਪੂਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਸੰਘਰਸ਼ਾਂ ਵਿੱਚ 100 ਮੀਟਰ ਉੱਧਰ ਜਾਂ 100 ਮੀਟਰ ਇੱਧਰ ਹੋਣ ਦਾ ਕੋਈ ਮਾਇਨਾ ਨਹੀਂ ਹੈ। ਇਸ ਲਈ ਸਰਕਾਰ ਬਹਾਨੇ ਛੱਡ ਕੇ ਜਲਦੀ ਤੋਂ ਜਲਦੀ ਹਰਿਆਣਾ ਸਰਕਾਰ ਦੇ ਗ੍ਰਹਿ ਮੰਤਰੀ, ਜੀਂਦ ਦੇ ਐਸ.ਐਸ.ਪੀ. ਸਮੇਤ ਖ਼ਨੌਰੀ ਬਾਰਡਰ ‘ਤੇ ਚੱਲੀ ਗੋਲੀ ਸਮੇਂ ਮੌਜੂਦ ਪੁਲਿਸ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕੀਤਾ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਬੇਸ਼ੱਕ ਦਿੱਲੀ, ਹਰਿਆਣਾ, ਗੁਜਰਾਤ ਸਮੇਤ ਪੰਜ ਰਾਜਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ, ਪਰ ਅਸੀਂ ਸ਼ੁਰੂ ਤੋਂ ਹੀ ਗਠਜੋੜ ਦੇ ਖ਼ਿਲਾਫ਼ ਹਾਂ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਡਟ ਕੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਸਟਾਰ ਪ੍ਰਚਾਰਕ ਹੋਣ ਦੇ ਬਾਵਜੂਦ ਵੀ ਹਰਿਆਣਾ ਅਤੇ ਦਿੱਲੀ ‘ਆਪ’-ਕਾਂਗਰਸ ਗਠਜੋੜ ਦੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਨਹੀਂ ਜਾਵਾਂਗਾ।
