ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Sunday, 17 March, 2024, 03:32 PM

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
-ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਪਟਿਆਲਾ, 17 ਮਾਰਚ:
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 22 ਮਾਰਚ 2024 ਸ਼ਾਮ 5 ਵਜੇ ਤੱਕ ਹਰ ਹਾਲ ਜਮ੍ਹਾ ਕਰਵਾਉਣ।
ਵਧੀਕ ਜ਼ਿਲ੍ਹਾ ਮੈਜਿਸਟਰੇਟ -ਕਮ- ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਲੋਕ ਸਭਾ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਮਈ 2024 ਤੱਕ ਲਾਗੂ ਰਹਿਣ ਵਾਲੇ ਇਕ ਤਰਫਾ ਹੁਕਮ ਜਾਰੀ ਕੀਤੇ ਹਨ।
ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।