ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
– ਜੇਲ ਪ੍ਰਸ਼ਾਸ਼ਨ ਵੱਲੋ ਦਿਤਾ ਸਵੇਰ ਦਾ ਖਾਣਾ ਨਹੀ ਖਾਧਾ
ਪਟਿਆਲਾ, 5 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ।
ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ। ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।