ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਸੂਬੇ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ
ਚੰਡੀਗੜ੍ਹ, 1 ਦਸੰਬਰ
ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।