ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ

ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ
ਪਟਿਆਲਾ, 9 ਦਸੰਬਰ:
ਅੱਜ ਕੌਮੀ ਅਦਾਲਤ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 34 ਬੈਂਚਾਂ (ਪਟਿਆਲਾ ਵਿੱਚ 23 ਰਾਜਪੁਰਾ ਵਿੱਚ 05, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 03) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 34929 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1015916924/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ।
ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਮੈਡਮ ਸੁਰਿੰਦਰ ਪਾਲ ਕੌਰ ਨੇ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਮਾਨੀ ਅਰੋੜਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ।
ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦੇ ਹੋਏ ਮੈਡਮ ਮਾਨੀ ਅਰੋੜਾ, ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ) ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖਤਮ ਕੀਤਾ ਜਾ ਸਕੇ।
ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ ਪ੍ਰਿੰਸੀਪਲ ਜੱਜ, ਸ਼. ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ 242 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਬਣਿਆ।
