9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ
9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ- ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਪੰਜਾਬ ਨੂੰ ਸੌਂਪਿਆ ਗਿਆ। ਰਾਜਪਾਲ ਪੰਜਾਬ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ’ਤੇ ਦਿੱਤੇ ਗਏ ਇੱਕ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ। ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਨਾਮ ਦਿੱਤੇ ਇੱਕ ਹੋਰ ਮੰਗ ਪੱਤਰ ਰਾਹੀਂ ਭਾਈ ਰਾਜੋਆਣਾ ਦੀ ਫਾਂਸੀ ਤੋਂ ਉਮਰ ਕੈਦ ਤਬਦੀਲੀ ਦੇ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਗਈ ਹੈ।