ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 November, 2023, 06:21 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ
ਸ਼ੋ੍ਰਮਣੀ ਭਗਤ ਨਾਮਦੇਵ ਜੀ ਨੇ ਧਰਮ ’ਚ ਦਿ੍ਰੜਤਾ ਅਤੇ ਭਰੋਸਾ-ਵਿਸ਼ਵਾਸ ਰੱਖਣ ਦੀ ਜੁਗਤ ਦੱਸੀ : ਪ੍ਰੋ. ਬਡੂੰਗਰ
ਪਟਿਆਲਾ 23 ਨਵੰਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਭਗਤ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ। ਮੁੱਖਵਾਕ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਲਿਆ ਗਿਆ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਪੁੱਜੇ ਹੋਏ ਸਨ।
ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਭਗਤ ਨਾਮਦੇਵ ਜੀ ਵੱਲੋਂ ਰਚਿਤ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਹਿਮ ਅਸਥਾਨ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਹਮੇਸ਼ਾ ਮਨੁੱਖ ਨੂੰ ਪ੍ਰਮਾਤਮਾ ਦੇ ਮਿਲਾਪ ਕਰਨ ਦਾ ਮਾਰਗ ਦਰਸ਼ਨ ਕਰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ ਨਾਮਦੇਵ ਜੀ ਦੀ ਧਰਮ ’ਚ ਦਿ੍ਰੜਤਾ ਅਤੇ ਆਸਥਾ ਨੇ ਪ੍ਰਮਾਤਮਾ ਵਿਚ ਭਰੋਸਾ ਅਤੇ ਵਿਸ਼ਵਾਸ ਕਾਇਮ ਰੱਖਣ ਦੀ ਜੁਗਤ ਦੱਸੀ ਹੈ। ਉਨ੍ਹਾਂ ਦੱਸਿਆ ਕਿ ਭਗਤ ਜੀ ਨੇ ਆਪਣੀ ਰਚਿਤ ਬਾਣੀ ਰਾਹੀਂ ਸਮਾਜਕ ਜਾਤ-ਪਾਤ, ਊਚ-ਨੀਚ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਨਾਮ-ਸਿਮਰਨ ਦੇ ਨਾਲ-ਨਾਲ ਕਿਰਤ ਕਰਨ ਦੀ ਕਮਾਈ ਕਰਨ ਵੱਲ ਪ੍ਰੇਰਿਆ। ਭਗਤ ਨਾਮਦੇਵ ਜੀ ਦੀ ਬਾਣੀ ਵਿਚ ਪ੍ਰਮਾਤਮਾ ਦੇ ਨਿਰਗੁਣ ਅਤੇ ਸਰੁਗਣ ਸਰੂਪ ਦਾ ਵਰਨਣ ਹੈ, ਜੋ ਮਾਨਵਤਾ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸਰਬਜੀਤ ਸਿੰਘ ਹਰਵਿੰਦਰ ਸਿੰਘ ਕਾਹਲਵਾਂ, ਪਲਵਿੰਦਰ ਸਿੰਘ ਰਿੰਕੂ, ਗੁਰਤੇਜ ਸਿੰਘ ਆਦਿ ਸਮੂਹ ਸਟਾਫ ਅਤੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।



Scroll to Top