ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ

ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ
ਪਟਿਆਲਾ 11 ਜਨਵਰੀ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸੰਗਤਾਂ ਵੱਧ ਚੜ੍ਹਕੇ ਹਿੱਸਾ ਲੈਣ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਚੁੱਕਿਆ ਹੈ, ਜੋ ਵੱਖ ਵੱਖ ਪੜ੍ਹਾਵਾਂ ਤੋਂ ਹੁੰਦਾ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ਵਿਖੇ ਸਮਾਪਤੀ ਕਰੇਗਾ। ਉਨ੍ਹਾਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਨਗਰ ਕੀਰਤਨ ਦਾ ਦੂਜਾ ਪੜਾਅ ਚੱਲ ਰਿਹਾ ਹੈ ਅਤੇ 12 ਜਨਵਰੀ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਤੋਂ ਚੱਲਕੇ ਰਾਤ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗਾ ਅਤੇ ਅਗਲੇ ਦਿਨ 13 ਜਨਵਰੀ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੰਗ ਸਾਹਿਬ ਜੈਤੋ ਵਿਖੇ ਪੁੱਜੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ 14 ਜਨਵਰੀ ਨੂੰ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇਗਾ ਅਤੇ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਵਿਖੇ ਹੋਵੇਗਾ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ 16 ਜਨਵਰੀ ਨੂੰ ਸੰਗਤਾਂ ਵੱਡੀ ਗਿਣਤੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਨਗਰ ਕੀਰਤਨ ਦੀ ਸਮਾਪਤੀ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਮੌਕੇ ਬਾਅਦ ਦੁਪਹਿਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਥ ਦੇ ਪ੍ਰਸਿੱਧ ਕਵੀ, ਢਾਡੀ ਅਤੇ ਕਵੀਸ਼ਰੀ ਜਥੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕਰਨਗੇ।
