ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 December, 2023, 07:33 PM

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ

ਚੰਡੀਗੜ੍ਹ, 21 ਦਸੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।