ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 December, 2023, 03:44 PM

ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ
ਅੰਮ੍ਰਿਤਸਰ, 25 ਦਸੰਬਰ
ਸ੍ਰੀ ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਵੱਲੋਂ ਇਸ ਮਾਮਲੇ ਦੀ ਇੱਕ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਗਈ ਸੀ। ਇਹ ਜਾਂਚ ਰਿਪੋਰਟ 1998 ਵਿੱਚ ਪੰਜਾਬ ਪੁਲੀਸ ਦੇ ਤਤਕਾਲੀ ਐਡੀਸ਼ਨਲ ਡਾਇਰੈਕਟਰ ਜਨਰਲ ਬੀ.ਪੀ. ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਅਤੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਇਹ ਰਿਪੋਰਟ ਲਗਪਗ 25 ਸਾਲ ਸਰਕਾਰ ਕੋਲ ਫਾਈਲਾਂ ਹੇਠ ਦੱਬੀ ਰਹੀ ਅਤੇ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਹ ਰਿਪੋਰਟ ਜਨਤਕ ਹੋਈ ਹੈ ਅਤੇ ਦਸੰਬਰ 1992-93 ਵਿੱਚ ਪੁਲੀਸ ਵੱਲੋਂ ਭਾਈ ਕਾਉਂਕੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸੱਚ ਸਾਹਮਣੇ ਆ ਗਿਆ ਹੈ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ 90ਵਿਆਂ ਦੌਰਾਨ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲੀਸ ਦੇ ਤਤਕਾਲੀ ਮੁਖੀ ਕੇਪੀਐੱਸ ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਨਸਲਕੁਸ਼ੀ ਦੀ ਇੱਕ ਬੇਹੱਦ ਘਿਣਾਉਣੀ ਮਿਸਾਲ ਹੈ ਜੋ ਕਿ ਦੁਨੀਆ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦ ਕਰ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਈ ਕਾਉਂਕੇ ਨੂੰ 25 ਦਸੰਬਰ 1992 ਨੂੰ ਪੰਜਾਬ ਪੁਲੀਸ ਵੱਲੋਂ ਘਰੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਤੋਂ ਬਾਅਦ ਪੁਲੀਸ ਹਿਰਾਸਤ ਵਿੱਚੋਂ ਭੱਜਣ ਦਾ ਝੂਠਾ ਕੇਸ ਦਰਜ ਕਰ ਕੇ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੇ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋਣ ਸਬੰਧੀ ਪੜਤਾਲ ਕਰਨ ਦੀ ਮੰਗ ’ਤੇ 7 ਜੂਨ 1998 ਨੂੰ ਤਤਕਾਲੀ ਡੀਜੀਪੀ ਨੇ ਏਡੀਜੀਪੀ ਬੀ.ਪੀ. ਤਿਵਾੜੀ ਨੂੰ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ। ਸ੍ਰੀ ਤਿਵਾੜੀ ਨੇ ਆਪਣੀ ਪੜਤਾਲ ਦੌਰਾਨ ਭਾਈ ਕਾਉਂਕੇ ਦੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕਹਾਣੀ ਨੂੰ ਝੂਠਾ ਪਾਇਆ ਸੀ। ਉਨ੍ਹਾਂ ਭਾਈ ਕਾਉਂਕੇ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਮਗਰੋਂ ਕਤਲ ਕਰਨ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਸਨ। ਜਥੇਦਾਰ ਨੇ ਕਿਹਾ ਕਿ ਭਾਈ ਕਾਉਂਕੇ ਦੇ ਕਤਲ ਦਾ ਮਾਮਲਾ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਦਰਦਨਾਕ ਵਿਥਿਆ ਹੈ ਜਿਸ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।