ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਹੋਈ ਸ਼ੁਰੂ : ਪੁੱਜੀ ਵੱਡੀ ਗਿਣਤੀ ਵਿੱਚ ਸੰਗਤ

ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਹੋਈ ਸ਼ੁਰੂ : ਪੁੱਜੀ ਵੱਡੀ ਗਿਣਤੀ ਵਿੱਚ ਸੰਗਤ
ਫ਼ਤਹਿਗੜ੍ਹ ਸਾਹਿਬ, 25 ਦਸੰਬਰ
ਇੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਪਰ ਸੰਗਤ ਦੀ ਭਾਰੀ ਆਮਦ ਕਾਰਨ ਇਤਿਹਾਸਕ ਗੁਰਦੁਆਰੇ ਨੂੰ ਜਾਂਦੇ ਸਾਰੇ ਰਸਤੇ ਪੁਲੀਸ ਨੇ ਅੱਜ ਤੋਂ ਹੀ ਬੰਦ ਕਰ ਦਿੱਤੇ, ਜਿਸ ਕਰ ਕੇ ਸ਼ਰਧਾਲੂਆਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾ ਕੇ ਗੁਰਦੁਆਰੇ ਤੱਕ ਪੈਦਲ ਜਾਣਾ ਪੈ ਰਿਹਾ ਹੈ। ਫ਼ਤਹਿਗੜ੍ਹ ਸਾਹਿਬ ਨੂੰ ਮਿਲਦੀਆਂ ਸਾਰੀਆਂ ਹੀ ਸੜਕਾਂ ’ਤੇ ਸੰਗਤਾਂ ਵੱਲੋਂ ਲੰਗਰ ਸ਼ੁਰੂ ਕਰ ਦਿੱਤੇ ਗਏ ਹਨ। ਇਹ ਪਹਿਲੀ ਵਾਰ ਹੈ ਕਿ ਵਧੇਰੇ ਲੰਗਰਾਂ ਵਿੱਚ ਸਾਦੇ ਪਕਵਾਨ ਹੀ ਤਿਆਰ ਹੋ ਰਹੇ ਹਨ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਤੇ ਸ਼ਹੀਦੀ ਸਫ਼ਰ ਦੀ ਅਦੁੱਤੀ ਕਥਾ ਅੰਮ੍ਰਿਤ ਵੇਲੇ ਮੁੱਖ ਦਰਬਾਰ ਵਿੱਚ ਸ਼ੁਰੂ ਕੀਤੀ ਗਈ ਜੋ ਕਿ 29 ਦਸੰਬਰ ਤੱਕ ਜਾਰੀ ਰਹੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 26 ਤੋਂ 29 ਦਸੰਬਰ ਤੱਕ ਲਗਾਤਾਰ ਧਾਰਮਿਕ ਦੀਵਾਨ ਗੁਰਦੁਆਰਾ ਠੰਢਾ ਬੁਰਜ ਸਾਹਿਬ ਦੇ ਸਾਹਮਣੇ ਦੀਵਾਨ ਟੋਡਰ ਮੱਲ ਹਾਲ ਵਿੱਚ ਦਿਨ-ਰਾਤ ਸਜਣਗੇ। 27 ਦਸੰਬਰ ਦੀ ਰਾਤ ਨੂੰ 9 ਵਜੇ ਕਵੀ ਸਮਾਗਮ ਹੋਵੇਗਾ। 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਨਗਰ ਕੀਰਤਨ ਸ਼ੁਰੂ ਹੋਵੇਗਾ ਜੋ ਕਿ ਦੁਪਹਿਰ ਵੇਲੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜੇਗਾ।
