ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 04:57 PM

ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ

ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ

ਸੰਗਰੂਰ, 23 ਮਈ:
ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਇਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਲੂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ। ਇਸ ਲਈ ਬਾਹਰ ਦੇ ਕੰਮ ਸਵੇਰੇ ਜਾਂ ਸ਼ਾਮ ਨੂੰ ਹੀ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ‘ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰ ਲੈਣੀ ਚਾਹੀਦੀ ਹੈ ।
ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸ਼ਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਰਵਾਇਤੀ ਉਪਚਾਰ ਜਿਵੇਂ ਪਿਆਜ ਦਾ ਸਲਾਦ, ਕੱਚਾ ਅੰਬ ਦੇ ਨਾਲ ਨਮਕ ਅਤੇ ਜੀਰਾ ਖਾਓ ਇਹ ਗਰਮੀ ਦੇ ਦੌਰੇ ਤੋਂ ਬਚਾ ਸਕਦੇ ਹਨ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੋਲੀਏ ਟੰਗ ਦਿਓ ਅਤੇ ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ।
ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।



Scroll to Top