ਮਨਰੇਗਾ ਮਜ਼ਦੂਰਾਂ ਠੋਕਿਆ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਅੱਗੇ ਧਰਨਾ

ਦੁਆਰਾ: Punjab Bani ਪ੍ਰਕਾਸ਼ਿਤ :Friday, 21 June, 2024, 04:48 PM

ਮਨਰੇਗਾ ਮਜ਼ਦੂਰਾਂ ਠੋਕਿਆ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਅੱਗੇ ਧਰਨਾ
ਬਰਨਾਲਾ, 21 ਜੂਨ : ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਲਈ ਇਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਮਰਦ-ਔਰਤਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਸ਼ੁਰੂਆਤ ਇਨਕਲਾਬੀ ਗਾਇਕ ਅਜਮੇਰ ਅਕਲੀਆ ਦੇ ਗੀਤਾਂ ਨਾਲ ਕੀਤੀ ਗਈ। ਸਾਂਝੇ ਮੋਰਚੇ ‘ਚ ਸ਼ਾਮਲ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ੀਆ ਸਿੰਘ ਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਛੇ-ਸੱਤ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਤੋਂ ਕੰਮ ਕਿਤੇ ਹੋਰ ਥਾਂ ’ਤੇ ਕਰਵਾਇਆ ਜਾਂਦਾ ਹੈ ਪਰ ਹਾਜ਼ਰੀ ਪੰਜ-ਛੇ ਕਿਲੋਮੀਟਰ ਕਿਤੇ ਹੋਰ ਲਵਾਈ ਜਾਂਦੀ ਹੈ, ਜਿਸ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਤੇ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਨਿਯਮਾਂ ਅਨੁਸਾਰ ਮਜ਼ਦੂਰਾਂ ਦੀ ਰਾਇ ਨਾਲ ਹਰ ਪੰਜਾਹ ਮਜ਼ਦੂਰਾਂ ਪਿੱਛੇ ਮੇਟ ਨਿਯੁਕਤ ਕੀਤਾ ਜਾਵੇ। ਪਿੰਡਾਂ ਦੇ ਸਰਪੰਚਾਂ ਅਤੇ ਸਿਆਸੀ ਰਸੂਖਵਾਨਾ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਕਲਾਲਮਾਜਰਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸ਼ਿੰਗਾਰਾ ਸਿੰਘ ਚੁਹਾਨਕੇ ਕਲਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।