ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Monday, 18 March, 2024, 06:32 PM

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ

— ‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ

— ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ

— ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ

ਚੰਡੀਗਡ਼੍ਹ 18 ਮਾਰਚ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਕਿ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਵਾਉਣਗੇ।

ਸ. ਬਰਸਟ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਰਜੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅਜੇ ਤੱਕ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਵੱਲੋਂ ਪੰਜਾਬ ਵਿੱਚ ਉਮੀਦਵਾਰਾਂ ਦੇ ਨਾਂ ਘੋਸ਼ਤ ਨਹੀਂ ਕੀਤੇ ਗਏ ਹਨ।

ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।



Scroll to Top