ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਬੱਚੇ ਦੇ ਲੀਗਲ ਹੋਣ ਨੂੰ ਲੈ ਕੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਬਲਕੌਰ ਸਿੰਘ ਨੇ ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਵਾਹਿਗੁਰੂ ਦੀ ਮੇਹਰ ਸਦਕਾ ਸਾਨੂੰ ਸਾਡਾ ਸ਼ੁਭਦੀਪ ਵਾਪਸ ਮਿਲਿਆ ਹੈ। ਪਰ ਸਰਕਾਰ ਸਵੇਰ ਤੋਂ ਹੀ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਪ੍ਰੇਸ਼ਾਨ ਕਰ ਰਹੀ ਹੈ। ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਸਲੇ ਉਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਲਾਈਵ ਹੋ ਕੇ ਆਖਿਆ ਹੈ ਕਿ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਵ-ਜਨਮੇ ਬੱਚੇ ਦੇ ਜਨਮ ਸਬੰਧੀ ਦਸਤਾਵੇਜ ਮੰਗਣਾ ਅਤਿਅੰਤ ਮੰਦਭਾਗਾ ਹੈ। ਪਹਿਲਾਂ ਵੀ ਸਰਕਾਰ ਦੀ ਨਾਲਾਇਕੀ ਕਾਰਨ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਅੱਜ ਨਵ-ਜਨਮੇ ਬੱਚੇ ਦੀ ਵਧਾਈ ਤਾਂ ਕੀ ਦੇਣੀ, ਤੁਸੀਂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹੋ। ਮੈਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਧੂ ਪਰਿਵਾਰ ਦੇ ਨਿੱਜੀ ਮਸਲੇ ਤੋਂ ਦੂਰ ਰਹਿਣ।
