ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ

ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ
ਨਵੀਂ ਦਿੱਲੀ, 26 ਮਾਰਚ
ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਇਨਕਲਾਬ ਜ਼ਿੰਦਾਬਾਦ ਅਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ। ‘ਆਪ’ ਦੇ ਸੀਨੀਅਰ ਨੇਤਾ ਭਾਰਤੀ ਨੇ ਐਕਸ ‘ਤੇ ਪੋਸਟ ‘ਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਦੀ ਮੰਗੋਲਪੁਰੀ ਤੋਂ ਵਿਧਾਇਕ ਰਾਖੀ ਬਿਰਲਾ ਦੇ ਨਾਲ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪਾਰਟੀ ਦੀ ਸੀਨੀਅਰ ਮੈਂਬਰ ਰੀਨਾ ਗੁਪਤਾ ਵੀ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ।
