ਖ਼ਾਲਸਾ ਕਾਲਜ ਪਟਿਆਲਾ ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਖ਼ਾਲਸਾ ਕਾਲਜ ਪਟਿਆਲਾ ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਧਰਮ ਅਧਿਐਨ ਵਿਭਾਗ, ਗੁਰਮਤਿ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਾਂਝੇ ਤੌਰ ‘ਤੇ ਅੱਜ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਭਾਗ ਲਿਆ। ਇਸ ਮੌਕੇ ਕਾਲਸ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਵੱਲੋਂ ਕੀਰਤਨ ਕੀਤਾ ਗਿਆ ਅਤੇ ਕੀਰਤਨ ਦੀ ਸਮਾਪਤੀ ਉਪਰੰਤ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਦਵਿੰਦਰ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਸੰਦਰਭ ਵਿੱਚ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜਣਾ ਦੀ ਘਟਨਾ ਕੋਈ ਅਚਨਚੇਤੀ ਵਾਪਰਿਆ ਅਲੌਕਿਕ ਵਰਤਾਰਾ ਨਹੀਂ ਸਗੋਂ ਲੰਬੀ ਘਾਲਣਾ ਦਾ ਪ੍ਰਤੀਫਲ ਸੀ। ਜਿਸ ਦਾ ਆਰੰਭ ਬਾਬਾ ਫਰੀਦ ਦੇ ਬਾਣੀ ਤੋਂ ਹੀ ਹੋ ਜਾਂਦਾ ਹੈ ਜੋ ਕਿ ਹੋਰ ਭਗਤਾਂ ਅਤੇ ਗੁਰੂ ਸਾਹਿਬਾਨ ਦੀ ਰਹਿਨੁਮਾਈ ਵਿੱਚ ਆਪਣੀ ਸੰਪੂਰਨਤਾ ਨੂੰ ਹਾਸਿਲ ਕਰਦਾ ਹੈ।
ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਪੰਜ ਪਿਆਰਿਆਂ ਦੇ ਨਾਮ ਵੀ ਵਿਸ਼ੇਸ਼ ਅਰਥਾਂ ਦੇ ਧਾਰਨੀ ਹਨ ਜੋ ਕਿ ਧਰਮ ਨਾਲ ਸਬੰਧਤ ਵਰਤਾਰੇ ਨੂੰ ਵਿਸ਼ੇਸ਼ ਅਰਥਾਂ ਰਾਹੀਂ ਪ੍ਰਗਟ ਕਰਦੇ ਹਨ। ਇਸ ਮੌਕੇ ਉਨ੍ਹਾਂ ਸ਼ਬਦ ਗੁਰੂ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸ਼ਬਦ ਗੁਰੂ ਦੇ ਲੜ ਲੱਗ ਕੇ ਹੀ ਸਿੱਖ ਜਗਤ ਅਜੋਕੇ ਸਮੇਂ ਵਿੱਚ ਆਪਣੀਆਂ ਰਾਹਾਂ ਨੂੰ ਸੁਖਾਲਾ ਬਣਾ ਸਕਦਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।
