ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Friday, 12 April, 2024, 01:10 PM

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 11 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।