ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
ਪਟਿਆਲਾ, 25 ਅਪ੍ਰੈਲ ():- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਨਿਹਾਲ ਬਾਗ ਸਥਿਤ ਜਥੇਬੰਦੀ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂੰਹ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਵੱਖੋ-ਵੱਖ ਯੂਨੀਅਨਾਂ ਦੇ ਅਹੁਦੇਦਾਰਾਂ ਨੇ ਆਗੂਆਂ ਨੇ ਭਾਗ ਲੈ ਕੇ 1 ਮਈ ਮਜ਼ਦੂਰ ਦਿਵਸ ‘ਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸਮਾਗਮ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਟੇਟ ਕਰਮਚਾਰੀ ਦਲ ਦੇ ਝੰਡੇ ਹੇਠ ਇਸ ਸਾਲ ਵੀ ਸੂਬਾ ਪੱਧਰ ‘ਤੇ ਪਟਿਆਲਾ ਵਿਖੇ 1 ਮਈ ਨੂੰ ਮਨਾਏ ਜਾ ਰਹੇ ਮਜ਼ਦੂਰ ਦਿਹਾੜੇ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਮੁਲਾਜ਼ਮ ਤੇ ਮਜ਼ਦੂਰ ਇਕੱਠੇ ਹੋ ਕੇ ਇਸ ਦਿਨ 1886 ਵਿਚ ਸ਼ਿਕਾਗੋ ਦੀ ਧਰਤੀ ‘ਤੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਕਿਰਤੀ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨ ਲਈ ਪਹੁੰਚ ਰਹੇ ਹਨ। ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਸ੍ਰ. ਟੌਹੜਾ ਨੇ ਦੱਸਿਆ ਕਿ ਸਮਾਗਮ ਵਿਚ ਸੰਘਰਰਸ਼ੀਲ ਵਰਗ ਦੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਜਿੱਥੇ ਆਪਣੀਆਂ ਮੰਗਾਂ ਨੂੰ ਉਭਾਰਨਗੇ, ਉਥੇ ਹੀ ਸਮਾਜ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੋਜ਼ਗਾਰੀ, ਲੁੱਟ-ਖਸੁੱਟ ਸਮੇਤ ਸਮਰਾਜਵਾਦੀ ਕੜੀ ਨੂੰ ਤੋੜਨ ਲਈ ਵਚਨਬੱਧਤਾ ਪ੍ਰਗਟਾਉਣਗੇ ਅਤੇ ਸਮਾਗਮ ਵਿਚ ਟ੍ਰੇਡ ਯੂਨੀਅਨਾਂ ਦੇ ਆਗੂ ਇਸ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਲੰਬੇ ਅਰਸੇ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਸਬੰਧੀ ਦੱਸਣਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਉਭਾਰਨ ਉਪਰੰਤ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਜਾਵੇਗਾ।
ਸ੍ਰ. ਟੌਹੜਾ ਨੇ ਪੰਜਾਬ ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਮੁਲਾਜ਼ਮ ਤੇ ਮਜ਼ਦੂਰ ਵਰਗ ਲਈ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਜ਼ੋ ਕਿ ਸਿੱਧੇ ਰੂਪ ਵਿਚ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਮੁਲਾਜਮ ਵਰਗ ਨਾਲ ਕੀਤੀ ਗਈ ਵਾਅਦਾ ਖਿਲਾਫੀ ਹੈ।
