ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਲੋਕ ਸਭਾ ਚੋਣਾਂ 2024 –
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ
– ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ
– ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh / ਮੋਗਾ, 17 ਮਈ (000) – ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ।
ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ
ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।