ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲੇ ਪਲਾਂਟ ਦਾ ਕੀਤਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 04:32 PM

ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲੇ ਪਲਾਂਟ ਦਾ ਕੀਤਾ ਦੌਰਾ
ਝੋਨੇ ਦੀ ਪਰਾਲੀ ਨੂੰ ਸੀ.ਬੀ.ਜੀ. ਪਲਾਂਟਾਂ ਵਿੱਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦਾ ਵਾਤਾਵਰਨ ਸਾਫ਼ ਰੱਖਣ ਵਿੱਚ ਮਿਲ ਸਕਦੀ ਹੈ ਵੱਡੀ ਮਦਦ: ਸਕੱਤਰ ਵਿਨੀ ਮਹਾਜਨ
ਸੀ.ਬੀ.ਜੀ. ਪਲਾਂਟਾਂ ਤੋਂ ਨਿਕਲਣ ਵਾਲੀ ਫਰਮੈਂਟਿਡ ਆਰਗੈਨਿਕ ਖਾਦ ਤੇ ਲੋੜੀਂਦੀ ਖੋਜ ਕਰਕੇ ਕਿਸਾਨਾਂ ਨੂੰ ਇਸਦੀ ਵਰਤੋਂ ਲਈ ਉਤਸ਼ਾਹਿਤ ਕਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ: ਸਕੱਤਰ ਵਿਨੀ ਮਹਾਜਨ
ਸੰਗਰੂਰ, 4 ਜੁਲਾਈ: ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੂਟਾਲ ਕਲਾਂ ਵਿੱਚ ਇੱਕ ਪ੍ਰਾਇਵੇਟ ਕੰਪਨੀ ਵਰਬਿਓ ਵੱਲੋਂ ਪਰਾਲੀ ਤੋਂ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ.) ਬਣਾਉਣ ਵਾਲੇ ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਤੋਂ ਬਾਅਦ ਸਕੱਤਰ ਵਿਨੀ ਮਹਾਜਨ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੀ.ਬੀ.ਜੀ. ਪਲਾਂਟਾਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ ਅਵਧ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਐਮ.ਡੀ. ਜਿਤੇਂਦਰ ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਾਇਰੈਕਟਰ ਕਰਨਜੀਤ ਸਿੰਘ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਿਪਟੀ ਸਕੱਤਰ ਰਵਿੰਦਰ ਕੁਮਾਰ ਵੀ ਹਾਜ਼ਰ ਸਨ । ਇਸ ਮੌਕੇ ਬੋਲਦਿਆਂ ਮੈਡਮ ਵਿਨੀ ਮਹਾਜਨ ਨੇ ਕਿਹਾ ਕਿ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੁਚੱਜੀ ਵਿਵਸਥਾ ਲਈ ਲੋੜੀਂਦੇ ਉਪਰਾਲੇ ਕਰਨੇ ਯਕੀਨੀ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਖੇਤੀ ਫਸਲਾਂ ਦੀ ਬਚੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਮੇਤ ਹੋਰਨਾਂ ਕਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਸੀ.ਬੀ.ਜੀ. ਪਲਾਂਟਾਂ ਵਿੱਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਵੱਡੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਆਰਗੈਨਿਕ ਤਰੀਕੇ ਨਾਲ ਵਰਤ ਕੇ ਸਾਫ਼ ਸੁਥਰੀ ਊਰਜਾ ਵਜੋਂ ਜਾਣੀ ਜਾਣ ਵਾਲੀ ਬਾਇਓ ਗੈਸ ਤਿਆਰ ਕੀਤੀ ਜਾਂਦੀ ਹੈ ਜਿਸ ਨਾਲ ਬਹੁਤ ਵੱਡੇ ਰਕਬੇ ਉੱਪਰ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਰਹੀ ਹੈ । ਇਸ ਮੌਕੇ ਸਕੱਤਰ ਵਿਨੀ ਮਹਾਜਨ ਵੱਲੋਂ ਸੀ.ਬੀ.ਜੀ. ਪਲਾਂਟਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਪਲਾਂਟਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਭੂਟਾਲ ਕਲਾਂ ਵਿੱਚ ਬਣੇ ਪਲਾਂਟ ਵਿਚੋਂ ਗੈਸ ਦੀ ਢੋਆ-ਢੁਆਈ ਲਈ ਪਾਇਪਲਾਈਨ ਪ੍ਰੋਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਪੂਰੀ ਸੰਜੀਦਗੀ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਵਿੱਚੋਂ ਨਿਕਲਣ ਵਾਲੀ ਫਰਮੈਂਟਿਫ ਆਰਗੈਨਿਕ ਖਾਦ ਨੂੰ ਚੰਗੀ ਤਰ੍ਹਾਂ ਪਰਖ ਕੇ ਅਤੇ ਇਸ ਉਪਰ ਲੋੜੀਂਦੀ ਖੋਜ ਕਰਕੇ ਉਹ ਕਿਸਾਨਾਂ ਨੂੰ ਇਸਦੀ ਵਰਤੋਂ ਖੇਤਾਂ ਵਿੱਚ ਵਰਤਣ ਲਈ ਉਤਸ਼ਾਹਤ ਕਰਨ । ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਕੱਤਰ ਵਿਨੀ ਮਹਾਜਨ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਦੇ ਸਰਕਾਰ ਦੇ ਮਕਸਦ ਨੂੰ ਜ਼ਮੀਨੀ ਪੱਧਰ ਉੱਪਰ ਪੂਰੀ ਸੰਜੀਦਗੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਤਰੀ ਜ਼ੋਨ ਦੇ ਚੀਫ਼ ਇੰਜੀਨੀਅਰ ਜੇ.ਐਸ. ਚਾਹਲ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ, ਪੀ.ਏ.ਯੂ. ਲੁਧਿਆਣਾ, ਕੇ.ਵੀ.ਕੇ., ਇੰਡੀਅਨ ਆਇਲ, ਗੇਲ, ਸੀ.ਜੀ.ਡੀ, ਵਰਬਿਓ, ਆਰ.ਐਨ.ਜੀ. ਪ੍ਰਾਇਵੇਟ ਲਿਮਟਿਡ ਦੇ ਨੁਮਾਇੰਦੇ ਹਾਜ਼ਰ ਸਨ ।