ਮੋਹਾਲੀ ਪੁਲਸ ਨੇ ਕੀਤਾ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 July, 2024, 06:22 PM

ਮੋਹਾਲੀ ਪੁਲਸ ਨੇ ਕੀਤਾ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ
ਮੋਹਾਲੀ : ਪੰਜਾਬ ਦੇ ਮੋਹਾਲੀ ਸ਼ਹਿਰ ਵਿਚ ਪੁਲਸ ਵਲੋਂ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਮੋਹਾਲੀ ਪੁਲਸ ਨੇ ਇਕ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਚੋਰੀ ਦੇ ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਪਿੰਡ ਝੰਡੀਆਂ ਵਾਲਾ, ਗੁਰਪ੍ਰੀਤ ਸਿੰਘ ਵਾਸੀ ਪਿੰਡ ਸਰਾਏ ਅਲੀ ਅਤੇ ਬਲਕਰਨ ਸਿੰਘ ਵਾਸੀ ਪਿੰਡ ਤਰਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਸਮੇਤ ਹੋਰ ਸਾਮਾਨ ਬਰਾਮਦ ਹੋਇਆ ਹੈ। ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ, ਆਈਪੀਐਸ ਡਾ: ਸੰਦੀਪ ਸਿੰਘ ਗਰਗ ਨੇ ਦੱਸਿਆ, “ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ `ਤੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸੀ। ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ 2 ਮੋਟਰਸਾਈਕਲ, 1 ਪਿਸਤੌਲ, 2 ਕਾਰਤੂਸ, 5 ਮੋਬਾਈਲ ਫੋਨ ਅਤੇ ਹੋਰ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ।