ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ
ਕਿਸਾਨ ਖੇਤਾਂ ‘ਚ ਖੜੇ ਬਰਸਾਤ ਦੇ ਪਾਣੀ ਦੀ ਨਿਕਾਸੀ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 21 ਮਾਰਚ:
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਈ ਬਰਸਾਤ ਨੇ ਪੱਕਣ ਨੇੜੇ ਆਈ ਕਣਕ ਦੀ ਫ਼ਸਲ ਤੇ ਹੋਰ ਫ਼ਸਲਾਂ ਸਮੇਤ ਸਬਜ਼ੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਲਾਹ ਦਿੰਦਿਆਂ ਕਿਹਾ ਕਿ ਉਹ ਖੇਤਾਂ ‘ਚ ਖੜੇ ਪਾਣੀ ਦੀ ਨਿਕਾਸੀ ਕਰਨ ਤਾਂ ਜੋ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨ ਪਈ ਬਰਸਾਤ ਅਤੇ ਚਲੀਆਂ ਤੇਜ਼ ਹਵਾਵਾਂ ਨੇ ਜ਼ਿਲ੍ਹੇ ‘ਚ ਕਣਕ, ਸਰ੍ਹੋਂ ਅਤੇ ਚਾਰੇ ਦੀਆਂ ਫ਼ਸਲਾਂ ਨੂੰ ਮੁੱਖ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਸਲਾਹਾਂ ਦਿੱਤੀਆਂ ਜਾ ਰਹੀ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਫ਼ਸਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਲਾਹ ਜਾਂ ਜਾਣਕਾਰੀ ਚਾਹੀਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਏ.ਡੀ.ਓ. ਜਾਂ ਫੇਰ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।