ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹੋਇਆ ਹਿੰਸਕ

ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹੋਇਆ ਹਿੰਸਕ
ਬੰਗਲਾਦੇਸ਼ : ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹਿੰਸਕ ਹੋ ਗਿਆ ਹੈ। ਹਾਲਾਤ ਇੰਨੇ ਖਰਾਬ ਹਨ ਕਿ ਪੁਲਸ ਨਾਲ ਝੜਪਾਂ `ਚ 39 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਚੁੱਕੀ ਹੈ। 2500 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ ਹੋਏ ਹਨ। ਲਾਠੀਆਂ, ਡੰਡਿਆਂ ਅਤੇ ਪੱਥਰਾਂ ਨਾਲ ਸੜਕਾਂ `ਤੇ ਘੁੰਮ ਰਹੇ ਪ੍ਰਦਰਸ਼ਨਕਾਰੀ ਬੱਸਾਂ ਅਤੇ ਨਿੱਜੀ ਵਾਹਨਾਂ ਨੂੰ ਅੱਗ ਲਗਾ ਰਹੇ ਹਨ। ਫਿਲਹਾਲ ਬੰਗਲਾਦੇਸ਼ `ਚ ਬੱਸ, ਰੇਲ ਅਤੇ ਮੈਟਰੋ ਸੇਵਾਵਾਂ ਠੱਪ ਹੋ ਗਈਆਂ ਹਨ। ਹਿੰਸਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਨੇ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਹੈ। ਸਕੂਲਾਂ, ਕਾਲਜਾਂ ਦੇ ਨਾਲ-ਨਾਲ ਮਦਰੱਸੇ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਦੇਸ਼ ਭਰ `ਚ ਫੌਜ ਨੂੰ ਮੋਰਚੇ `ਤੇ ਤਾਇਨਾਤ ਕੀਤਾ ਗਿਆ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਹਾਲ ਹੀ ਵਿੱਚ ਸਰਕਾਰੀ ਰਾਸ਼ਟਰੀ ਟੈਲੀਵਿਜ਼ਨ `ਤੇ ਦਿਖਾਈ ਦਿੱਤੀ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ ਪਰ ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਹੋਰ ਗੁੱਸੇ `ਚ ਆ ਗਏ। ਉਨ੍ਹਾਂ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ `ਤੇ ਹਮਲਾ ਕਰਕੇ ਅੱਗ ਲਗਾ ਦਿੱਤੀ। ਜਿਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ, ਉਸ ਸਮੇਂ ਕਈ ਪੱਤਰਕਾਰਾਂ ਦੇ ਨਾਲ ਕਰੀਬ 1200 ਕਰਮਚਾਰੀ ਉੱਥੇ ਮੌਜੂਦ ਸਨ। ਪੁਲਸ ਅਤੇ ਪ੍ਰਸ਼ਾਸਨ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਉਸ ਨੂੰ ਬਚਾਇਆ।
