ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਵੇਗਾ ਧਾਰਮਕ ਸਮਾਗਮ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਵੇਗਾ ਧਾਰਮਕ ਸਮਾਗਮ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ
ਪਟਿਆਲਾ 14 ਜੁਲਾਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 16 ਜੁਲਾਈ ਨੂੰ ਧਾਰਮਕ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਵੱਲੋਂ ਮੀਰੀ-ਪੀਰੀ ਦਾ ਸਿਧਾਂਤ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਇਸੇ ਦਿਨ ਧਾਰਮਕ ਸਮਾਗਮ ਦੌਰਾਨ ਸਿੱਖ ਇਤਿਹਾਸ ਦੀ ਮਹਾਨ ਸਖਸ਼ੀਅਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀ ਸੰਗਤਾਂ ਨਾਲ ਧਾਰਮਕ ਸਖਸ਼ੀਅਤਾਂ ਵਿਚਾਰਾਂ ਨਾਲ ਸਾਂਝ ਪਾਉਣਗੀਆਂ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਇਤਿਹਾਸ ਨਾਲ ਜਾਣੂੰ ਕਰਵਾਇਆ ਜਾਵੇਗਾ ਅਤੇ 16 ਜੁਲਾਈ ਨੂੰ ਸਵੇਰੇ 10.30 ਵਜੇ ਧਾਰਮਕ ਸਮਾਗਮ ਹੋਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਰਜੀਤ ਸਿੰਘ, ਸੁਪਰਵਾਈਜ਼ਰ ਜੋਗਾ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
