ਡੀ.ਸੀ. ਵੱਲੋਂ 22 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

ਡੀ.ਸੀ. ਵੱਲੋਂ ਐਸ.ਪੀ ਸਿਟੀ, ਐਸ.ਡੀ.ਐਮ. ਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਨਾਲ ਮੀਟਿੰਗ
-ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ : ਸਾਕਸ਼ੀ ਸਾਹਨੀ
ਪਟਿਆਲਾ, 18 ਮਾਰਚ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 22 ਮਾਰਚ ਨੂੰ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਨਾਲ ਪ੍ਰਬੰਧਾਂ ਸਮੇਤ ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਡੀ.ਐਸ.ਪੀਜ ਸੰਜੀਵ ਸਿੰਗਲਾ ਤੇ ਕਰਨੈਲ ਸਿੰਘ ਨਾਲ ਸੁਰੱਖਿਆ ਤੇ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਹੋਰ ਵਿਆਪਕ ਪ੍ਰਬੰਧਾਂ ‘ਤੇ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ 22 ਮਾਰਚ ਤੋਂ 30 ਮਾਰਚ ਤੱਕ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਮੰਦਿਰ ਦੇ ਕਿਵਾੜ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਐਡਵਾਇਜਰੀ ਮੈਨੇਜਿੰਗ ਕਮੇਟੀ ਦੀ ਸਲਾਹ ਨਾਲ ਇਸ ਵਾਰ ਵੀ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਤੇ ਸਪੋਰਟਸ ਕਿੱਟਾਂ ਦੀ ਵੰਡ ਕੀਤੀ ਜਾਵੇਗੀ।
ਸਾਕਸ਼ੀ ਸਾਹਨੀ ਨੇ ਇਸ ਮੌਕੇ ਮੰਦਿਰ ਪ੍ਰਬੰਧਕਾਂ ਨੂੰ ਕਿਹਾ ਕਿ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਨਵਰਾਤਰਿਆਂ ਮੌਕੇ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲਗਾਏ ਜਾਂਦੇ ਲੰਗਰ ‘ਚ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਲਈ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਕਿਹਾ ਗਿਆ।
ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਲ ਰੋਡ ‘ਤੇ ਮੰਦਿਰ ਵਾਲਾ ਪਾਸਾ ਨਵਰਾਤਰਿਆਂ ਦੌਰਾਨ ਬੰਦ ਰੱਖਿਆ ਜਾਵੇਗਾ।
