ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਮਾਨ ਸਰਕਾਰ ਹਰ ਕਿਸਾਨ ਅਤੇ ਮਜ਼ਦੂਰ ਦੀ ਆਪਣੀ ਸਰਕਾਰ ਅਤੇ ਲੋੜਵੰਦਾਂ ਦੀ ਹਰ ਸੰਭਵ ਮਦਦ ਬਣਾਈ ਜਾ ਰਹੀ ਹੈ ਯਕੀਨੀ: ਮੰਤਰੀ ਅਮਨ ਅਰੋੜਾ
ਸੰਗਰੂਰ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਸਥਾਨਕ ਪੀ.ਡਬਲਿਯੂ.ਡੀ. ਰੈਸਟ ਹਾਊਸ ਵਿਖੇ ਆਪਣੇ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਇਸਦਾ ਧੁਰਾ ਹੈ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨੀ ਲਈ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ਾਂਤਮਈ ਅੰਦੋਲਨ ਜ਼ਰੀਏ ਡੱਟ ਕੇ ਜ਼ਬਰ ਦਾ ਮੁਕਾਬਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲੰਬੇ ਅੰਦੋਲਨ ਵਿੱਚ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਵੀ ਗਵਾਉਣੀਆਂ ਪਈਆਂ ਅਤੇ ਆਪਣੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪੀੜਤ ਪਰਵਾਰਾਂ ਦੀ ਬਾਂਹ ਫੜ੍ਹ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਸੈਂਕੜੇ ਸ਼ਹੀਦ ਪਰਵਾਰਾਂ ਨੂੰ ਮਾਨ ਸਰਕਾਰ ਵੱਲੋਂ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੇ ਪਰਵਾਰਾਂ ਨੂੰ ਵੀ ਜਲਦ ਲੋੜੀਂਦੀ ਪੜਤਾਲ ਪੂਰੀ ਕਰਵਾ ਕੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਕਿਸਾਨ ਅਤੇ ਹਰ ਮਜ਼ਦੂਰ ਦੀ ਆਪਣੀ ਸਰਕਾਰ ਹੈ ਅਤੇ ਉਨ੍ਹਾਂ ਵੱਲੋਂ ਸੂਬੇ ਦੇ ਲੋੜਵੰਦਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਸੂਬੇ ਵਿੱਚ ਪਹਿਲੀ ਵਾਰ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਰਿਸ਼ਵਤਖੋਰੀ ਨੂੰ ਪੂਰੀ ਸਖਤੀ ਨਾਲ ਨੱਥ ਪਾਈ ਗਈ ਹੈ । ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੀ ਤਰੱਕੀ ਲਈ ਲਗਾਤਾਰ ਲੋੜੀਂਦੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਇੱਕ-ਇੱਕ ਪੈਸੇ ਨਾਲ ਚਿਰਸਥਾਈ ਵਿਕਾਸ ਪ੍ਰੋਜੈਕਟ ਤਿਆਰ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਹ ਸੁਨਾਮ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨਾ ਯਕੀਨੀ ਬਣਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਅਤੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ ਵੀ ਹਾਜ਼ਰ ਸਨ ।
